ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਮੁੱਦੇ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ-ਪਾਰਟੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਕੈਬਿਨੇਟ ਮੰਤਰੀ ਸੇਵਾ ਸਿੰਘ ਸੇਖਵਾਂ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ।
ਮੀਟਿੰਗ ‘ਚ ਬੋਲਦਿਆਂ ਸੁਖਦੇਵ ਢੀਂਡਸਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਗਿਲੇ-ਸ਼ਿਕਵੇ ਭੁਲਾਉਂਦਿਆਂ, ਇਸ ਮੱਦੇ `ਤੇ ਇਕਜੁੱਟ ਹੋ ਕੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਿਲਕੇ ਕੇਂਦਰ ਸਰਕਾਰ ਵਿਰੁਧ ਆਵਾਜ਼ ਚੁੱਕਣ ਲਈ ਕਿਹਾ ਹੈ। ਮੀਟਿੰਗ ਵਿੱਚ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਏਕਾ ਕੇਂਦਰ ਨੂੰ ਝੁਕਣ ਲਈ ਮਜਬੂਰ ਕਰ ਸਕਦਾ ਹੈ। ਇਸ ਕਰਕੇ ਇਸ ਮਸਲੇ `ਤੇ ਸਾਰੀਆਂ ਪਾਰਟੀਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਇੱਕ ਹੋ ਜਾਣਾ ਚਾਹੀਦਾ ਹੈ।
ਮੀਟਿੰਗ ‘ਚ ਇਸ ਮੁੱਦੇ ਨੂੰ ਲੈਕੇ ਵੱਖ- ਵੱਖ ਪਰਟੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਦਿੱਤੀ ਗਈ ਸਲਾਹ ਦਾ ਵੀ ਢੀਂਡਸਾ ਨੇ ਸਮਰਥਨ ਕੀਤਾ ਅਤੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਿਆਸੀ ਪਾਰਟੀਆਂ ਜੋ ਵੀ ਵਾਜਬ ਕਦਮ ਚੁੱਕਣਗੀਆਂ, ਉਨ੍ਹਾ ਦੀ ਪਾਰਟੀ ਉਸਦਾ ਸਮਰਥਨ ਕਰੇਗੀ। ਉਨ੍ਹਾਂ ਨੇ ਮੀਟਿੰਗ ਵਿੱਚ ਬੇਕਸੂਰ ਕਿਸਾਨਾਂ ਵਿਰੁਧ ਦਰਜ ਕੀਤੇ ਗਏ ਝੂਠੇ ਪੁਲਿਸ ਕੇਸਾਂ ਦੀ ਵੀ ਜ਼ਿਕਰ ਕੀਤਾ ਅਤੇ ਸੂਬਾ ਸਰਕਾਰ ਨੂੰ ਪੀੜਤ ਕਿਸਾਨਾਂ ਦੀ ਮਦਦ ਕਰਨ ਦੀ ਮੰਗ ਕੀਤੀ। ਉਨ੍ਹਾ ਨੇ ਕੇਂਦਰ ਸਰਕਾਰ ਵੱਲੋਂ ਸੰਘੀ ਢਾਂਚੇ ਨੂੰ ਤਹਿਸ- ਨਹਿਸ ਕਰਨ ਦਾ ਵਿਰੋਧ ਕੀਤਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਮਜਬੂਤ ਕਰਨ ਦੀ ਲੋੜ `ਤੇ ਜ਼ੋਰ ਦਿੱਤਾ।