Breaking News

ਕੈਨੇਡਾ ‘ਚ 700 ਵਿਦਿਆਰਥੀਆਂ ਦੇ ਡਿਪੋਰਟ ਮਾਮਲੇ ’ਚ ਜਲੰਧਰ ਦੀ ਇਮੀਗ੍ਰੇਸ਼ਨ ਫਰਮ ਦਾ ਲਾਇਸੈਂਸ ਰੱਦ

ਨਿਊਜ਼ ਡੈਸਕ:  ਕੈਨੇਡਾ ਵਿੱਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਹੋਣ ਦੇ ਕਥਿਤ ਮੁਲਜ਼ਮ ਇਮੀਗ੍ਰੇਸ਼ਨ ਕੰਸਲਟੈਂਟ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਮੈਸਰਜ਼ ਐਜੂਕੇਸ਼ਨ ਐਂਡ ਮਾਈਗ੍ਰੇਸ਼ਨ ਸਰਵਿਸਿਜ਼, ਗ੍ਰੀਨ ਪਾਰਕ ਜਲੰਧਰ ਫਰਮ ਦਾ 30 ਅਗਸਤ 2019 ਨੂੰ ਰਾਹੁਲ ਭਾਰਗਵ ਨੂੰ ਜਾਰੀ ਕੀਤਾ ਗਿਆ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਅਤੇ 6 ਤਹਿਤ ਅਮਲ ਵਿੱਚ ਲਿਆਂਦੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਜਿਸ ਵਿਅਕਤੀ ਦਾ ਪੁਲਿਸ ਰਿਕਾਰਡ ਸਾਫ਼ ਨਹੀਂ ਹੈ, ਉਸ ਨੂੰ ਇਹ ਕਾਰੋਬਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਜੇਕਰ ਅਜਿਹੇ ਵਿਅਕਤੀ ਨੂੰ ਆਪਣਾ ਕਾਰੋਬਾਰ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਜਾਵੇਗਾ। ਇਸ ਲਈ ਉਕਤ ਕੰਸਲਟੈਂਸੀ ਨੂੰ ਜਾਰੀ ਕੀਤਾ ਗਿਆ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਂਦਾ ਹੈ।

ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਇਸ ਫਰਮ ਦਾ ਲਾਇਸੈਂਸ ਮੁਅੱਤਲ ਕੀਤਾ ਗਿਆ ਸੀ ਤੇ ਮੁਲਜ਼ਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਸ ਵਿਰੁੱਧ ਦਰਜ ਐਫਆਈਆਰ ਬਾਰੇ ਸਪਸ਼ਟੀਕਰਨ ਮੰਗਿਆ ਗਿਆ ਸੀ। ਦੱਸ ਦਈਏ ਕਿ 700 ਦੇ ਕਰੀਬ ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰ ਜ਼ਰੀਏ ਬਾਹਰ ਭੇਜਿਆ ਗਿਆ ਸੀ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਇਨ੍ਹਾਂ ਵਿਦਿਆਰਥੀਆਂ ਖਿਲਾਫ ਡਿਪੋਰਟ ਕਰਨ ਦੀ ਕਾਰਵਾਈ ਚੱਲ਼ ਰਹੀ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੱਸਿਆ ਕਿ ਇਮੀਗ੍ਰੇਸ਼ਨ ਕੰਸਲਟੈਂਟਾਂ ਦੀਆਂ ਗਤੀਵਿਧੀਆਂ ਦੀ ਨਿਯਮਤ ਤੌਰ ’ਤੇ ਜਾਂਚ ਲਈ ਐਸਡੀਐਮਜ਼ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਨੂੰ ਵੀ ਗੈਰ-ਕਾਨੂੰਨੀ ਕਾਰਵਾਈਆਂ ਰਾਹੀਂ ਲੋਕਾਂ ਨਾਲ ਧੋਖਾਧੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਮੁੱਚੀਆਂ ਲਾਇਸੰਸਸ਼ੁਦਾ ਫਰਮਾਂ ਨੂੰ ਐਕਟ ਅਨੁਸਾਰ ਆਪਣਾ ਕਾਰੋਬਾਰ ਕਰਨ ਦੀ ਅਪੀਲ  ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

PM ਮੋਦੀ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪੂਜਾ ਕਰਕੇ ਸੇਂਗੋਲ ਦੀ ਕੀਤੀ ਸਥਾਪਨਾ

ਨਵੀਂ ਦਿੱਲੀ: ਨਰਿੰਦਰ ਮੋਦੀ ਨੇ ਅੱਜ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਸਭ ਤੋਂ ਪਹਿਲਾਂ …

Leave a Reply

Your email address will not be published. Required fields are marked *