ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੇ ਪੰਜਾਬ ਵਿਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ ਕੀਤੀ। ਹਰ ਵਰਗ ਦੇ ਲੋਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਭਰ ਦੇ ਪਵਿੱਤਰ ਸਥਾਨਾਂ ’ਤੇ ਦਰਸ਼ਨ ਕਰਨ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ ਗਈ ਹੈ।
40 ਕਰੋੜ ਰੱਖਿਆ ਸੀ ਬਜਟ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਸਮੇਂ 40 ਕਰੋੜ ਦਾ ਬਜਟ ਰੱਖਿਆ ਗਿਆ ਸੀ। ਪੰਜਾਬ ‘ਚ 95 ਦਿਨਾਂ ਤੱਕ ਜਾਰੀ ਰਹੀ ਇਸ ਤੀਰਥ ਯਾਤਰਾ ਸਕੀਮ ਵਿਚ ਲਗਭਗ 53,850 ਤੀਰਥ ਯਾਤਰੀਆਂ ਨੇ ਇਸ ਮੌਕੇ ਦਾ ਲਾਭ ਮਾਣਿਆ ਸੀ। ਇਸ ਯਾਤਰਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਿੰਨ ਕੈਬਨਿਟ ਮੰਤਰੀਆਂ ਦੀ ਕਮੇਟੀ ਵੀ ਬਣਾਈ ਗਈ ਸੀ।
ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ
ਯੋਜਨਾ ਤਹਿਤ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਰਵਾਨਾ ਕੀਤੀ ਗਈ ਸੀ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਸੀ। ਸਰਕਾਰ ਵੱਲੋਂ ਯਾਤਰਾਂ ਦੌਰਾਨ ਯਾਤਰੀਆਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਸੀ।
ਟਰੇਨ ਤੇ ਬੱਸ ਤੋਂ ਵੀ ਕਰਵਾਈ ਜਾ ਰਹੀ ਯਾਤਰਾ
ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਗਈ। ਜਦੋਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਗਈ।