ਵਾਸ਼ਿੰਗਟਨ : ਡੋਨਾਲਡ ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਹਾਸਿਲ ਜਾਣਕਾਰੀ ਅਨੁਸਾਰ ਕਰੀਬ 18 ਹਜ਼ਾਰ ਭਾਰਤੀਆਂ ਨੂੰ ਕਢਿਆ ਜਾ ਸਕਦਾ ਹੈ। ਇਹ ਸਾਰੇ ਲੋਕ ਗ਼ੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਿਲ ਕਰਨ ਲਈ ਸਹੀ ਕਾਗ਼ਜ਼ਾਤ ਨਹੀਂ ਹਨ।
ਦਸਣਾ ਬਣਦਾ ਹੈ ਕਿ ਅਮਰੀਕਾ ਵਿਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ (ਆਈ. ਸੀ. ਈ.) ਨੇ ਲਗਭਗ 15 ਲੱਖ ਲੋਕਾਂ ਦੀ ਸੂਚੀ ਬਣਾਈ ਹੈ ਜੋ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਹਨ। ਇਸ ਸੂਚੀ ਵਿਚ 18 ਹਜ਼ਾਰ ਭਾਰਤੀ ਵੀ ਸ਼ਾਮਿਲ ਹਨ। ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਿਵੇਂ ਹੀ ਉਹ ਅਹੁਦੇ ਦੀ ਸਹੁੰ ਚੁਕਣਗੇ, ਸੱਭ ਤੋਂ ਪਹਿਲਾਂ ਉਹ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕਢਣਗੇ। ਇਸ ਮਾਮਲੇ ’ਚ ਆਈਸੀਈ ਨੇ ਕਿਹਾ ਕਿ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਭੇਜਣਾ ਟਰੰਪ ਦੇ ਸੀਮਾ ਸੁਰੱਖਿਆ ਏਜੰਡੇ ਦਾ ਹਿੱਸਾ ਹੈ।
ਅਮਰੀਕੀ ਏਜੰਸੀ ਆਈਸੀਈ ਨੇ ਦੇਸ਼ ਨਿਕਾਲੇ ਦੀ ਪ੍ਰਕਿਰਿਆ ਵਿੱਚ ਮਦਦ ਨਾ ਕਰਨ ਵਾਲੇ 15 ਦੇਸ਼ਾਂ ਦੀ ਸੂਚੀ ਬਣਾਈ ਹੈ ਅਤੇ ਉਨ੍ਹਾਂ ਨੂੰ ‘ਗੈਰ-ਸਹਾਇਤਾ’ ਦੱਸਿਆ ਹੈ। ਇਨ੍ਹਾਂ ਵਿਚ ਭਾਰਤ ਦਾ ਨਾਂ ਵੀ ਸ਼ਾਮਿਲ ਹੈ। ਸੂਚੀ ਵਿੱਚ ਉਨ੍ਹਾਂ ਦੇਸ਼ਾਂ ਦੇ ਨਾਮ ਹਨ ਜੋ ਆਪਣੇ ਨਾਗਰਿਕਾਂ ਦੀ ਵਾਪਸੀ ਨੂੰ ਰੱਦ ਕਰਦੇ ਹਨ ਅਤੇ ਦੇਸ਼ ਨਿਕਾਲੇ ਵਿੱਚ ਸਹਿਯੋਗ ਨਹੀਂ ਕਰਦੇ ਹਨ। ਆਈਸੀਈ ਦੇ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ 17,940 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਹਨ। ਇਨ੍ਹਾਂ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਕਾਰਨ ਜੇਲ ਨਹੀਂ ਹੋਈ। ਉਹ ਕਾਗਜ਼ੀ ਕਾਰਵਾਈ ਦੀ ਲੰਬੀ ਪ੍ਰਕਿਰਿਆ ਵਿੱਚ ਫਸੇ ਹੋਏ ਹਨ। ਰਿਪੋਰਟਾਂ ਮੁਤਾਬਕ ਇਸ ਪ੍ਰਕਿਰਿਆ ਨੂੰ ਪੂਰਾ ਹੋਣ ‘ਚ 3 ਸਾਲ ਤੱਕ ਦਾ ਸਮਾਂ ਲੱਗਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।