ਦਿੱਲੀ : ਰਾਮ ਰਹੀਮ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਰਾਮ ਰਹੀਮ ਨੂੰ ਬਰੀ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਇੱਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ।
ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪਿਛਲੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਈ ਵਿੱਚ ਰਣਜੀਤ ਸਿੰਘ ਕਤਲ ਕੇਸ ਵਿੱਚ ਗੁਰਮੀਤ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਪੰਜ ਹੋਰ ਦੋਸ਼ੀਆਂ ਅਵਤਾਰ ਸਿੰਘ, ਜਸਬੀਰ ਸਿੰਘ, ਸਬਦਿਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਇੰਦਰ ਸੈਨ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ।