ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ‘ਚ ਗਣਤੰਤਰ ਦਿਹਾੜੇ ‘ਤੇ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਤਿਰੰਗੇ ਦੇ ਅਪਮਾਨ ਤੋਂ ਦੇਸ਼ ਬਹੁਤ ਦੁਖੀ ਹੈ।
ਪ੍ਰਧਾਨ ਮੰਤਰੀ ਨੇ ਸੰਬੋਧਨ ਦੌਰਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਸਬੰਧੀ ਕਿਹਾ ਕਿ ਖੇਤੀਬਾੜੀ ਦੇ ਆਧੁਨਿਕੀਕਰਨ ਲਈ ਸਰਕਾਰ ਦ੍ਰਿੜ ਹੈ। ਇਸ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਤੇ ਅੱਗੋਂ ਵੀ ਇਹ ਯਤਨ ਜਾਰੀ ਰਹਿਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਨੂੰ ਨਵੀਂ ਆਸ ਅਤੇ ਨਵੀਨਤਾ ਨਾਲ ਭਰਨਾ ਹੈ। ਅਸੀਂ ਆਪਣੇ ਦੇਸ਼ ਨੂੰ ਹੋਰ ਤੇਜ਼ ਰਫ਼ਤਾਰ ਨਾਲ ਅੱਗੇ ਲੈ ਕੇ ਜਾਣਾ ਹੈ।
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਤੋਂ ਬਾਅਦ ਗਣਤੰਤਰ ਦਿਹਾੜੇ ਦੇ ਦਿਨ ਇਤਿਹਾਸਕ ਲਾਲ ਕਿਲ੍ਹੇ ਵਿੱਚ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ। ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਲਾਲ ਕਿਲ੍ਹੇ ‘ਚੋਂ ਬਾਹਰ ਕੱਢਣ ਲਈ ਬਲ ਦਾ ਪ੍ਰਯੋਗ ਕਰਨਾ ਪਿਆ ਸੀ। ਕੁਝ ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ।