ਨਵੀਂ ਦਿੱਲੀ: Gen-Z ਪ੍ਰਦਰਸ਼ਨਕਾਰੀਆਂ ਨੇ ਸੋਮਵਾਰ ਨੂੰ ਨੇਪਾਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਕਾਰਨ ਨੇਪਾਲ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ ਅਤੇ 300 ਤੋਂ ਪਾਰ ਲੋਕ ਜਖ਼ਮੀ ਹੋਏ ਹਨ। ਇਸ ਪੂਰੇ ਮਾਮਲੇ ‘ਤੇ, ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (MEA) ਨੇ ਮੰਗਲਵਾਰ ਨੂੰ ਨੇਪਾਲ ਵਿੱਚ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਸਲਾਹ ਵਿੱਚ ਆਪਣੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ਪਾਬੰਦੀ ਵਿਰੁੱਧ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਅੱਗੇ ਕਿਹਾ, “ਅਸੀਂ ਕੱਲ੍ਹ ਤੋਂ ਨੇਪਾਲ ਵਿੱਚ ਵਾਪਰ ਰਹੇ ਘਟਨਾਕ੍ਰਮ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਈ ਨੌਜਵਾਨਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕਰਦੇ ਹਾਂ।” ਇੱਕ ਕਰੀਬੀ ਦੋਸਤ ਅਤੇ ਗੁਆਂਢੀ ਹੋਣ ਦੇ ਨਾਤੇ, ਅਸੀਂ ਉਮੀਦ ਕਰਦੇ ਹਾਂ ਕਿ ਸਾਰੀਆਂ ਸਬੰਧਤ ਧਿਰਾਂ ਸੰਜਮ ਵਰਤਣਗੀਆਂ ਅਤੇ ਕਿਸੇ ਵੀ ਮੁੱਦੇ ਨੂੰ ਸ਼ਾਂਤੀਪੂਰਨ ਤਰੀਕਿਆਂ ਅਤੇ ਗੱਲਬਾਤ ਰਾਹੀਂ ਹੱਲ ਕਰਨਗੀਆਂ।”
ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਅਸੀਂ ਇਹ ਵੀ ਧਿਆਨ ਵਿੱਚ ਰੱਖਿਆ ਹੈ ਕਿ ਅਧਿਕਾਰੀਆਂ ਨੇ ਕਾਠਮੰਡੂ ਅਤੇ ਨੇਪਾਲ ਦੇ ਕਈ ਹੋਰ ਸ਼ਹਿਰਾਂ ਵਿੱਚ ਕਰਫਿਊ ਲਗਾ ਦਿੱਤਾ ਹੈ। ਨੇਪਾਲ ਵਿੱਚ ਭਾਰਤੀ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਅਤੇ ਨੇਪਾਲੀ ਅਧਿਕਾਰੀਆਂ ਦੁਆਰਾ ਜਾਰੀ ਕੀਤੇ ਗਏ ਕਦਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।