ਅਫ਼ਗਾਨਿਸਤਾਨ ‘ਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ: ਸੁਖਦੇਵ ਸਿੰਘ ਢੀਂਡਸਾ

TeamGlobalPunjab
2 Min Read

ਚੰਡੀਗੜ੍ਹ : ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜੇ਼ ਮਗਰੋਂ ਘੱਟ ਗਿਣਤੀ ਸਿੱਖਾਂ ਅਤੇ ਹੋਰ ਭਾਰਤੀ ਪਰਿਵਾਰਾਂ ਦੀ ਅਸੁਰੱਖਿਆ ਦੀ ਬਣੀ ਗੰਭੀਰ ਸਥਿਤੀ ‘ਤੇ ਸੁਖਦੇਵ ਸਿੰਘ ਢੀਂਡਸਾ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਢੀੰਂਡਸਾ ਨੇ ਅਫ਼ਗਾਨਿਤਾਨ ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖ ਅਤੇ ਹੋਰ ਭਾਰਤੀ ਪਰਿਵਾਰਾਂ ਤੋਂ ਇਲਾਵਾ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਬੁਲ ਵਿੱਚ ਫਸੇ ਅਫ਼ਗਾਨੀ ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

 ਢੀਂਡਸਾ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਵਿਸ਼ੇਸ਼ ਤੌਰ ‘ਤੇ ਸਿੱਖਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਪਹਿਲਾਂ ਵੀ ਕਈਂ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਅਜਿਹੇ ਵਿੱਚ ਉਥੇ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਾਲਾਤ ਨੂੰ ਵੇਖਦੇ ਹੋਏ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਤੋਂ ਇਲਾਵਾ ਭਾਰਤ ਵਿੱਚ ਉਨ੍ਹਾਂ ਦੇ ਰਹਿਣ ਸਹਿਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਨੇ ਅਫ਼ਗਾਨਿਸਤਾਨ ਵਿੱਚ ਫਸੇ ਘੱਟ ਗਿਣਤੀ ਪਰਿਵਾਰਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਉਣ ਅਤੇ ਇਥੇ ਉਨ੍ਹਾਂ ਨੂੰ ਤੁਰੰਤ ਵਸਾਉਣ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਇਸਤੋਂ ਪਹਿਲਾਂ ਵੀ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਮਿਲ ਕੇ ਅਫਗਾਨਿਸਤਾਨ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਪ੍ਰਤੀ ਆਪਣੀ ਚਿੰਤਾ ਜ਼ਹਿਰ ਕਰਦਿਆਂ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਉਣ ਦੀ ਮੰਗ ਕੀਤੀ ਸੀ।

- Advertisement -

ਢੀਂਡਸਾ ਨੇ ਭਾਰਤ ਸਰਕਾਰ ਨੂੰ ਯਾਦ ਕਰਵਾਇਆ ਕਿ ਕਦੇ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਆਬਾਦੀ 5 ਲੱਖ ਦੇ ਕਰੀਬ ਸੀ ਉਹ ਗ੍ਰਹਿ ਯੁਧ ਕਾਰਨ ਅੱਜ ਕੇਵਲ 250 ਸਿੱਖ ਪਰਿਵਾਰਾਂ ਤੱਕ ਰਹਿ ਗਈ ਹੈ। ਇਸ ਤੋਂ ਵੀ ਵੱਡਾ ਦੁੱਖ ਹੈ ਕਿ ਰਹਿ ਗਏ ਕੁਝ ਕੁ ਸਿੱਖ ਪਰਿਵਾਰ ਵੀ ਡਰ ਦੀ ਜਿੰਦਗੀ ਬਤੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫ਼ਗਾਨੀ ਸਿੱਖਾਂ ਨੂੰ ਭਾਰਤ ਲਿਆ ਕੇ ਵਸਾਉਣ ਦੇ ਢੁਕਵੇਂ ਪ੍ਰਬੰਧ ਕਰੇ ‌।

Share this Article
Leave a comment