ਅੰਮ੍ਰਿਤਸਰ : ਟੋਕੀਓ ਓਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਾਪਸ ਪਰਤੇ ਹਾਕੀ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ‘ਤੇ ਪਹੁੰਚੇ ਖਿਡਾਰੀਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਹਾਕੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਭੇਟ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਬਾਹਰ ਵਿਸ਼ੇਸ਼ ਸ਼ਾਮਿਆਨਾ ਲਗਾ ਕੇ ਤਿਆਰੀ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈੰਬਰ ਅਤੇ ਅਧਿਕਾਰੀ ਇਸ ਸਮਾਗਮ ਵਿਚ ਸ਼ਾਮਲ ਹੋਏ।
ਇਸ ਮੌਕੇ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਲਈ 41 ਸਾਲ ਬਾਅਦ ਓਲੰਪਿਕ ਵਿਚ ਮੈਡਲ ਜਿੱਤਣਾ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਅਗਲੇ ਟੂਰਨਾਮੈਂਟ ਵਿੱਚ ਉਹ ਸੋਨੇ ਦਾ ਤਮਗਾ ਜਿੱਤ ਕੇ ਲਿਆਉਣਗੇ। ਸਿਮਰਨਜੀਤ ਸਿੰਘ ਨੇ ਕਿਹਾ ਕਿ ਉਹ ਜਿੱਤਣ ਲਈ ਖੇਡੇ ਸਨ ਤੇ ਕਾਂਸੀ ਦਾ ਮੈਡਲ ਲੈ ਕੇ ਹੀ ਵਾਪਸ ਆਏ ਹਨ। ਅਗਲੀ ਵਾਰ ਉਨ੍ਹਾਂ ਦਾ ਪ੍ਰਦਰਸ਼ਨ ਇਸ ਤੋਂ ਵੀ ਬਿਹਤਰ ਹੋਵੇਗਾ।