ਬਰਸਾਤੀ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਯਕੀਨੀ ਬਣਾਉਣ ਦੇ ਨਿਰਦੇਸ਼: ਮੰਤਰੀ ਬਲਕਾਰ ਸਿੰਘ

Rajneet Kaur
2 Min Read

ਚੰਡੀਗੜ੍ਹ:  ਬਲਕਾਰ ਸਿੰਘ ਨੇ ਅੱਜ ਸੂਬੇ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਉਨ੍ਹਾਂ ਨੇ  ਮਾਨਸੂਨ ਦੇ ਸੀਜ਼ਨ ਦੌਰਾਨ ਸ਼ਹਿਰਾਂ ਵਿੱਚ ਬਰਸਾਤੀ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਡਰੇਨੇਜ ਸਿਸਟਮ ਦੀ ਸਫਾਈ ਅਤੇ ਬਰਸਾਤ ’ਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕਲੋਰੀਨਯੁਕਤ ਪਾਣੀ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਬਰਸਾਤ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਜਲਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਰਿਸ਼ ਦੌਰਾਨ ਪਾਣੀ ਦੀ ਨਿਕਾਸੀ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਰੇਨੇਜ਼ ਸਿਸਟਮ ਦੀ ਸਫਾਈ ’ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸਾਰੇ ਸ਼ਹਿਰਾਂ ਦੀਆਂ ਸੜਕਾਂ, ਗਲੀਆਂ ਅਤੇ ਮੈਨਹੋਲਜ਼ ਦੀ ਢੁੱਕਵੀਂ ਸਫਾਈ ਕਰਵਾਈ ਜਾਵੇ ਅਤੇ ਡਰੇਨੇਜ਼ ਸਿਸਟਮ ਨੂੰ ਠੀਕ ਕਰਨ ਦੇ ਨਾਲ-ਨਾਲ ਬਰਸਾਤ ਦੇ ਪਾਣੀ ਨੂੰ ਅੱਗੇ ਲਿਜਾਣ ਵਾਲੇ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੌਰਾਨ ਪਾਣੀ ਭਰਨ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸ਼ਹਿਰਾਂ ਦੀਆਂ ਨੀਵੀਆਂ ਥਾਵਾਂ, ਜਿਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ, ਦੀ ਪਹਿਲਾਂ ਹੀ ਪਛਾਣ ਕਰਕੇ ਉਥੇ ਜਨਰੇਟਰ ਸੈਟ ਅਤੇ ਪੰਪਾਂ ਦਾ ਬੰਦੋਬਸਤ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਤਾਂ ਜੋ ਮੀਂਹ ਦੌਰਾਨ ਪਾਣੀ ਇਕੱਠਾ ਹੋਣ ’ਤੇ ਤੁਰੰਤ ਕੱਢਿਆ ਜਾ ਸਕੇ।

ਬਰਸਾਤ ਦੇ ਸੀਜ਼ਨ ਦੌਰਾਨ ਖੜ੍ਹੇ ਪਾਣੀ ਉਪਰ ਮੱਛਰ ਪੈਦਾ ਹੋਣ ਕਰਕੇ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਹਿਰਾਂ ਵਿੱਚ ਲਗਾਤਾਰ ਫੋਗਿੰਗ ਅਤੇ ਲਾਰਵੀਸਾਈਡ ਦੇ ਛਿੜਕਾਅ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਖੜ੍ਹੇ ਪਾਣੀ ’ਤੇ ਨਿਯਮਿਤ ਢੰਗ ਨਾਲ ਕਾਲੇ ਤੇਲ ਦਾ ਛਿੜਕਾਅ ਕਰਨ ਤੋਂ ਇਲਾਵਾ ਮੀਂਹ ਨਾਲ ਪ੍ਰਭਾਵਿਤ ਘਰਾਂ ਵਿੱਚ ਕਲੋਰੀਨ ਦੀਆਂ ਗੋਲੀਆਂ ਵੰਡਣ ਦੇ ਨਾਲ-ਨਾਲ ਸ਼ਹਿਰਾਂ ਵਿੱਚ ਕਲੋਰੀਨਯੁਕਤ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀਆਂ ਪਾਈਆਂ ਦੀ ਚੈਕਿੰਗ ਕੀਤੀ ਜਾਵੇ, ਜਿਥੇ ਕਿਤੇ ਕੋਈ ਲੀਕੇਜ ਪਾਈ ਜਾਂਦੀ ਹੈ, ਉਸ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।

Share This Article
Leave a Comment