ਜਲੰਧਰ : ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆ ਹਨ । ਮਿਲੀ ਜਾਣਕਾਰੀ ਮੁਤਾਬਿਕ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਗੋਲੀਆਂ ਲੱਗਣ ਕਾਰਨ ਦਮ ਤੋੜ ਦਿੱਤਾ ਹੈ। ਇਸ ਘਟਨਾ ’ਚ ਹੋਰ ਦੋ ਜਣਿਆਂ ਦੇ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਘਟਨਾ ਸ਼ਾਮੀਂ ਉਦੋਂ ਵਾਪਰੀ ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਟੇਜ ਤੋਂ ਸਨਮਾਨ ਲੈ ਕੇ ਵਾਪਸ ਜਾਣ ਲਈ ਸੜਕ ਕਿਨਾਰੇ ਪਹੁੰਚਿਆਂ ਹੀ ਸੀ ਤਾਂ ਚਿੱਟੇ ਰੰਗ ਦੀ ਕਾਰ ਵਿਚ ਆਏ ਹਮਲਾਵਰਾਂ ਨੇ ਉਸ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖਮੀ ਹੋਏ ਸੰਦੀਪ ਨੂੰ ਨਕੋਦਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਉਥੇ ਹਫੜਾ-ਦਫੜੀ ਮਚ ਗਈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ।
ਨਕੋਦਰ ਦੇ ਥਾਣਾ ਸਦਰ ਦੇ ਐੱਸਐੱਚਓ ਪਰਮਿੰਦਰ ਸਿੰਘ ਤੇ ਡੀਐੱਸਪੀ ਨਕੋਦਰ ਲਖਵਿੰਦਰ ਸਿੰਘ ਮੱਲ੍ਹ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚ ਗਏ। ਐੱਸਐੱਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ 8 ਤੋਂ 10 ਗੋਲੀਆਂ ਦੇ ਖੋਲ ਮਿਲੇ ਹਨ।