ਟੋਰਾਂਟੋ : ਕੈਨੇਡਾ ਵੱਲੋਂ ਵਿਦੇਸ਼ੀ ਨਾਗਰਿਕਾਂ ਲਈ ਇੱਕ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵਲੋਂ ਜਾਰੀ ਹਦਾਇਤਾਂ ਮੁਤਾਬਕ 7 ਸਤੰਬਰ ਤੋਂ ਪਹਿਲਾਂ ਵਿਜ਼ਿਟਰ ਵੀਜ਼ਾ ਲਈ ਅਰਜ਼ੀ ਦਾਖ਼ਲ ਕਰਨ ਵਾਲਿਆਂ ਨੂੰ ਨਵੇਂ ਸਿਰੇ ਤੋਂ ਅਪਲਾਈ ਕਰਨਾ ਹੋਵੇਗਾ। ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਹੈ ਕਿ ਜਿਹੜੇ ਵਿਦੇਸ਼ੀ ਨਾਗਰਿਕ ਕੈਨੇਡਾ ਆਉਣਾ ਚਾਹੁੰਦੇ ਹਨ, ਉਹ ਆਈ.ਆਰ.ਸੀ.ਸੀ. ਦੇ ਪੋਰਟਲ ਰਾਹੀਂ ਨਵੀਂ ਅਰਜੀ ਦਾਖ਼ਲ ਕਰਨ।
ਇਹ ਹਦਾਇਤਾਂ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਲਈ ਬਹੁਤ ਜ਼ਰੂਰੀ ਹੈ ਜੋ ਕੈਨੇਡਾ ‘ਚ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਣਾ ਚਾਹੁੰਦੇ ਹਨ ਜਾਂ ਕਿਸੇ ਗੰਭੀਰ ਬਿਮਾਰ ਵਿਅਕਤੀ ਦੀ ਦੇਖਭਾਲ ਲਈ ਕੈਨੇਡਾ ਆਉਂਦਾ ਹੈ, ਇਸ ਤੋਂ ਇਲਾਵਾ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਕੈਨੇਡੀਅਨ ਵੀਜ਼ਾ ਅਪਲਾਈ ਕਰਨ ਵਾਲਿਆਂ ‘ਤੇ ਵੀ ਇਹ ਹੁਕਮ ਲਾਗੂ ਹੋਣਗੇ। ਇਮੀਗ੍ਰੇਸ਼ਨ ਵਿਭਾਗ ਵੱਲੋਂ ਪਹਿਲਾਂ ਦਾਖਲ ਕੀਤੀ ਅਰਜ਼ੀ ਦਾ ਨੰਬਰ ਵੀ ਮੰਗਿਆ ਜਾ ਸਕਦਾ ਹੈ।
ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਸੇਵਾਵਾਂ ਵਿਭਾਗ ਦੀ ਵੈੱਬਸਾਈਟ ‘ਤੇ ਦਿੱਤੀ ਜਾਣਕਾਰੀ ਮੁਤਾਬਕ ਨਵੀਂ ਅਰਜ਼ੀ ਦਾਖਲ ਹੋਣ ਤੋਂ ਬਾਅਦ ਪਹਿਲਾਂ ਵਾਲੀ ਅਰਜ਼ੀ ਵਾਪਸ ਮੰਨੀ ਜਾਵੇਗੀ। ਕੈਨੇਡਾ ਸਰਕਾਰ ਦੀ ਵੈੱਬਸਾਈਟ ਮੁਤਾਬਕ 7 ਸਤੰਬਰ ਤੋਂ ਵਿਦੇਸ਼ੀ ਨਾਗਰਿਕਾਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਗਏ ਅਤੇ ਇੱਥੇ ਆਉਣ ਦੇ ਇੱਛੁਕ ਲੋਕਾਂ ਨੂੰ ਵੀਜ਼ਾ ਲਈ ਨਵੇਂ ਸਿਰੇ ਤੋਂ ਅਰਜ਼ੀਆਂ ਦਾਖ਼ਲ ਕਰਨੀਆਂ ਹੋਣਗੀਆਂ।