ਵਾਸ਼ਿੰਗਟਨ: ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਅਮਰੀਕਾ ਵਿੱਚ ਸਿਆਸੀ ਤਾਪਮਾਨ ਲਗਾਤਾਰ ਵੱਧਦਾ ਜਾ ਰਿਹਾ ਹੈ। ਰਿਪਬਲਿਕਨ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਇਕ ਦੂਜੇ ‘ਤੇ ਤਿੱਖੇ ਨਿਸ਼ਾਨੇ ਸਾਧ ਰਹੇ ਹਨ। ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਸਿਲਸਿਲਾ ਵੀ ਸਿਖਰਾਂ ‘ਤੇ ਪਹੁੰਚ ਗਿਆ ਹੈ। ਇਸ ਦੌਰਾਨ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਨੈਸ਼ਨਲ ਐਸੋਸੀਏਸ਼ਨ ਆਫ ਬਲੈਕ ਜਰਨਲਿਸਟਸ ਦੀ ਸਾਲਾਨਾ ਕਾਨਫਰੰਸ ‘ਚ ਕਮਲਾ ਹੈਰਿਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ।
ਡੋਨਾਲਡ ਟਰੰਪ ਨੇ ਕਮਲਾ ਹੈਰਿਸ ਦੀ ਨਸਲੀ ਪਛਾਣ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਉਹ ਜਾਣਬੁੱਝ ਕੇ ਆਪਣੀ ਕਾਲੀ ਪਛਾਣ ਨੂੰ ਕੈਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ (ਕਮਲਾ ਹੈਰਿਸ) ਹਮੇਸ਼ਾ ਆਪਣੇ ਆਪ ਨੂੰ ਭਾਰਤ ਨਾਲ ਜੁੜੀ ਦੱਸਦੀ ਹੈ। ਉਹ ਹੁਣ ਆਪਣੀ ਪਹਿਚਾਣ ਬਦਲ ਕੇ ਆਪਣੇ ਆਪ ਨੂੰ ਕਾਲਾ ਦੱਸ ਰਹੀ ਹੈ। ਟਰੰਪ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਉਹ ਭਾਰਤੀ ਹੈ ਜਾਂ ਅਸ਼ਵੇਤ? ਮੈਂ ਭਾਰਤੀਆਂ ਅਤੇ ਕਾਲਿਆਂ ਦੋਵਾਂ ਦਾ ਸਤਿਕਾਰ ਕਰਦਾ ਹਾਂ ਪਰ ਮੈਨੂੰ ਨਹੀਂ ਲੱਗਦਾ ਕਿ ਹੈਰਿਸ ਨੂੰ ਉਨ੍ਹਾਂ ਦਾ ਸਤਿਕਾਰ ਹੈ? ਕਿਉਂਕਿ ਉਹ ਹਮੇਸ਼ਾ ਭਾਰਤੀ ਸੀ ਅਤੇ ਆਪਣੇ ਆਪ ਨੂੰ ਭਾਰਤ ਨਾਲ ਜੁੜੀ ਸਮਝਦੀ ਸੀ ਪਰ ਹੁਣ ਉਸ ਨੇ ਅਚਾਨਕ ਆਪਣੀ ਪਹਿਚਾਣ ਬਦਲ ਲਈ ਹੈ। ਡੋਨਾਲਡ ਟਰੰਪ ਦੇ ਇਸ ਬਿਆਨ ਦੀ ਸਖ਼ਤ ਆਲੋਚਨਾ ਹੋ ਰਹੀ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਟਰੰਪ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ‘ਉਨ੍ਹਾਂ ਨੇ ਜੋ ਕਿਹਾ ਉਹ ਘਿਣਾਉਣਾ ਹੈ, ਇਹ ਅਪਮਾਨਜਨਕ ਹੈ।’