ਨਿਊਜ਼ ਡੈਸਕ: ਆਮ ਆਦਮੀ ਪਾਰਟੀ (ਆਪ) ਤੋਂ ਤੋੜ-ਵਿਛੋੜਾ ਕਰਨ ਮਗਰੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਪਹਿਲੀ ਵਾਰ ਪੰਜਾਬ ਪੁੱਜੇ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਦੇ ਸਾਬਕਾ ਤੇ ਮੌਜੂਦਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਅੱਜ ਲੁਧਿਆਣਾ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਰਜਿੰਦਰ ਗੁਪਤਾ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਉੱਚ ਪੱਧਰੀ ਮੀਟਿੰਗ ਵਿੱਚ ਨਬੀਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਰਾਘਵ ਚੱਢਾ ਨੂੰ ਥਾਪੜਾ ਦਿੱਤਾ ਹੈ।ਰਾਜਨੀਤਿਕ ਗਲਿਆਰਿਆਂ ਵਿਚ ਚਰਚਾ ਤੇਜ਼ ਹੈ ਕਿ ਕੀ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਘੇਰਨ ਲਈ ਕਿਸੇ ਬਹੁਤ ਵੱਡੇ ‘ਆਪਰੇਸ਼ਨ’ ਦੀ ਸਕ੍ਰਿਪਟ ਲਿਖੀ ਜਾ ਚੁੱਕੀ ਹੈ?
ਕੀ ਪੰਜਾਬ ਵਿਚ ਹੋਣ ਵਾਲਾ ਹੈ ਕੁਝ ਵੱਡਾ?
ਭਾਜਪਾ ਆਗੂ ਵਜੋਂ ਰਾਘਵ ਚੱਢਾ ਦੀ ਇਹ ਪਹਿਲੀ ਪੰਜਾਬ ਫੇਰੀ ਹੈ, ਜਿਸ ਕਾਰਨ ਸੱਤਾਧਾਰੀ ‘ਆਪ’ ਉਨ੍ਹਾਂ ਦੀ ਹਰ ਸਿਆਸੀ ਸਰਗਰਮੀ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਹ ਪਹਿਲਾਂ ਵੀ ਖ਼ਦਸ਼ਾ ਜ਼ਾਹਿਰ ਕਰ ਚੁੱਕੇ ਹਨ ਕਿ ਪੰਜਾਬ ਦੀ ‘ਆਪ’ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾ ਸਕਦੀ ਹੈ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਇਤਿਹਾਸਕ ਜਿੱਤ ਲਈ ਰਾਘਵ ਚੱਢਾ ਨੇ ਮੁੱਖ ਰਣਨੀਤੀਕਾਰ ਵਜੋਂ ਭੂਮਿਕਾ ਨਿਭਾਈ ਸੀ। ਉਹ ਸਿਆਸੀ ਨਜ਼ਰੀਏ ਤੋਂ ਪੰਜਾਬ ਦੇ ਹਰ ਹਲਕੇ ਅਤੇ ਸਮੀਕਰਨਾਂ ਦੀ ਸਮਝ ਰੱਖਦੇ ਹਨ। ਪਤਾ ਲੱਗਿਆ ਹੈ ਕਿ ‘ਆਪ’ ’ਚੋਂ ਭਾਜਪਾ ’ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਨੂੰ ਪੰਜਾਬ ਚੋਣਾਂ ’ਚ ਅਹਿਮ ਭੂਮਿਕਾ ਦਿੱਤੀ ਜਾਵੇਗੀ, ਜਿਸ ਤਹਿਤ ਰਾਘਵ ਚੱਢਾ ਅਤੇ ਸੰਦੀਪ ਪਾਠਕ ਅਹਿਮ ਰੋਲ ’ਚ ਨਜ਼ਰ ਆ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

