ਸੰਗਰੂਰ : ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਵਿਰੋਧੀਆਂ ਦੇ ਨਿਸ਼ਾਨੇ ਤੇ ਰਹਿੰਦੀ ਹੈ। ਇਸ ਦੇ ਚਲਦਿਆਂ ਅੱਜ ਸੰਗਰੂਰ ਵਿਖੇ ਧਾਰਮਿਕ ਸਮਾਗਮ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਕਾਂਗਰਸ ਸਰਕਾਰ ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਗਿਆ । ਮਾਨ ਨੇ ਕਿਹਾ ਕਿ ਇਸ ਵਾਰ ਵੀ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ਤੋਂ ਕੋਈ ਉਮੀਦ ਨਹੀਂ ਰੱਖੀ ਜਾ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ ।
ਭਗਵੰਤ ਮਾਨ ਨੇ ਕਿਹਾ ਕਿ ਅੱਜ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਵੱਡੇ ਪੱਧਰ ਤੇ ਨੌਜਵਾਨਾਂ ਉਪਰ ਕੇਸ ਦਰਜ ਕੀਤੇ ਜਾ ਰਹੇ ਹਨ ਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਬਦਲੇ ਕੁਝ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਨੌਜਵਾਨ ਦੀ ਮਦਦ ਨਹੀਂ ਕੀਤੀ ਗਈ । ਉਨ੍ਹਾਂ ਕਿਹਾ ਕਿ ਚਾਹੀਦਾ ਸੀ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਕੇਸ ਲੜਨ ਲਈ ਵਕੀਲ ਕਰਦੀ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਤੇ ਉਨ੍ਹਾਂ ਵਿੱਚੋਂ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ ਇਸ ਦਾ ਅੰਦਾਜ਼ਾ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਲਗਾਇਆ ਜਾ ਸਕੇਗਾ ।