ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਪੁੱਜਣ ਸਮੇਂ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਰੋਕਣਾ ਮੰਦਭਾਗਾ: ਐਡਵੋਕੇਟ ਧਾਮੀ

Rajneet Kaur
2 Min Read

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਪ੍ਰੇਸ਼ਾਨ ਕਰਨਾ ਬੇਹੱਦ ਮੰਦਭਾਗਾ ਹੈ । ਰਾਜਸੀ ਆਗੂਆਂ ਨੂੰ ਗੁਰੂ ਘਰ ਨਿਮਾਣੇ ਸਿੱਖ ਵਜੋਂ ਮੱਥਾ ਟੇਕਣ ਲਈ ਆਉਣਾ ਚਾਹੀਦਾ ਹੈ, ਨਾ ਕਿ ਤਾਨਾਸ਼ਾਹੀ ਢੰਗ ਨਾਲ ਆਉਣਾ ਚਾਹੀਦਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਸਮੇਂ ਰਸਤਿਆਂ ਵਿਚ ਅਤੇ ਪਲਾਜ਼ਾ ਵਿਖੇ ਸੰਗਤ ਨੂੰ ਲੰਮਾਂ ਸਮਾਂ ਰੋਕਿਆ ਜਾਣਾ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪ੍ਰਕਾਸ਼ ਪੁਰਬ ਸੰਗਤ ਲਈ ਅਹਿਮ ਦਿਹਾੜਾ ਹੁੰਦਾ ਹੈ। ਜਿਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪੁੱਜ ਕੇ ਸੰਗਤ ਆਪਣੀ ਸ਼ਰਧਾ ਅਰਪਤ ਕਰਦੀ ਹੈ।

ਮੁੱਖ ਮੰਤਰੀ ਦਾ ਇਸ ਦੌਰਾਨ ਸ਼ਰਧਾ ਪ੍ਰਗਟਾਉਣਾ ਚੰਗੀ ਗੱਲ ਹੈ, ਪਰ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨਾਲ ਕੀਤਾ ਗਿਆ ਵਿਹਾਰ ਉਨ੍ਹਾਂ ਦੀ ਸ਼ਰਧਾ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਵੀ ਅਜਿਹਾ ਹੀ ਹੋਇਆ ਸੀ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਫੈਸਲਾ ਕਰਕੇ ਰਾਜਸੀ ਆਗੂਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਗੁਰੂ ਘਰਾਂ ਵਿਚ ਨਤਮਸਤਕ ਹੋਣ ਮੌਕੇ ਸੰਗਤ ਲਈ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਨੂੰ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ।

Share this Article
Leave a comment