ਰੋਮ : ਦੁਨੀਆ ਦੇ 180 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕੇ ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਨਾਲ ਹੁਣ ਤੱਕ 12 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਟਲੀ, ਸਪੇਨ, ਫਰਾਂਸ ਤੇ ਸ੍ਰੀਲੰਕਾ ਤੋਂ ਇਲਾਵਾ ਅਮਰੀਕਾ ਦੇ ਕਈ ਰਾਜ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਚੀਨ ਤੋਂ ਬਾਅਦ ਵਾਇਰਸ ਦਾ ਸਭ ਤੋਂ ਵੱਡਾ ਕੇਂਦਰ ਇਟਲੀ ਬਣ ਗਿਆ ਹੈ। ਇਟਲੀ ’ਚ ਹੁਣ ਤੱਕ ਇਸ ਵਾਇਰਸ ਕਾਰਨ 4,825 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।
ਇਟਲੀ ’ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਇੱਕ ਦਿਨ ‘ਚ 793 ਲੋਕਾਂ ਦੀ ਮੌਤ ਹੋ ਗਈ ਹੈ। ਇਹ ਇਸ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਨਾਲ ਹੁਣ ਤੱਕ 4825 ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋ ਕਿ ਪੂਰੀ ਦੁਨੀਆਂ ਵਿੱਚ ਇਸ ਵਾਇਰਸ ਨਾਲ ਹੋਈਆਂ ਮੌਤਾਂ ਦਾ 38.3 ਪ੍ਰਤੀਸ਼ਤ ਹੈ। ਦੇਸ਼ ‘ਚ ਸੰਕਰਮਿਤ ਲੋਕਾਂ ਦੀ ਗਿਣਤੀ 53578 ਤੱਕ ਪਹੁੰਚ ਗਈ ਹੈ।
ਚੀਨ ‘ਚ ਸਥਿਤੀ ਹੁਣ ਕਾਬੂ ‘ਚ ਹੈ। ਪਿਛਲੇ ਤਿੰਨ ਦਿਨਾਂ ਦੌਰਾਨ ਚੀਨ ‘ਚ ਕੋਰੋਨਾ ਸੰਕਰਮਣ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਚੀਨ ਤੋਂ ਬਾਅਦ ਇਟਲੀ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਦੂਜੇ ਪਾਸੇ ਏਅਰ ਇੰਡੀਆ ਦਾ ਇੱਕ ਜਹਾਜ਼ ਇਟਲੀ ‘ਚ ਫਸੇ 263 ਭਾਰਤੀਆਂ ਜਿਨ੍ਹਾਂ ‘ਚ ਕੁਝ ਵਿਦਿਆਰਥੀ ਤੇ ਯਾਤਰੀ ਸ਼ਾਮਲ ਹਨ ਨੂੰ ਲੈ ਕੇ ਅੱਜ ਦਿੱਲੀ ਪਹੁੰਚ ਜਾਵੇਗਾ।
ਦੱਸ ਦਈਏ ਕਿ ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਦਾ ਪ੍ਰਭਾਵ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਭਾਰਤ ‘ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 333 ਹੋ ਗਈ ਹੈ। ਵਿਸ਼ਵ ਪੱਧਰ ‘ਤੇ ਵਾਇਰਸ 12 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਾ ਹੈ ਤੇ 2 ਲੱਖ 70 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ।