ਵੀਰਪਾਲ ਕੌਰ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਬੇਅਦਬੀ ਬਾਰੇ ਚੁੱਪੀ ਤੋੜਨ ਅਖੌਤੀ ਪੰਥਕ ਜਥੇਬੰਦੀਆਂ : ਬੀਬੀ ਜਗੀਰ ਕੌਰ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਡੇਰਾ ਸਮਰਥਕ ਵੀਰਪਾਲ ਕੌਰ ਇੰਸਾ ਵੱਲੋਂ ਕੀਤੇ ਕੂੜ ਪ੍ਰਚਾਰ ਤੋਂ ਲਾਹਾ ਲੈਣਾ ਚਾਹੁੰਦੇ ਹਨ ਤੇ ਇਸੇ ਲਈ ਉਹ ਵੀਰਪਾਲ ਵੱਲੋਂ ਗੁਰੂ ਸਾਹਿਬਾਨ ਬਾਰੇ ਬੋਲੇ ਕੁਬੋਲਾਂ ਬਾਰੇ ਚੁੱਪ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਹਨਾਂ ਧਾਰਮਿਕ ਜਥੇਬੰਦੀਆਂ ਨੂੰ ਵੀ ਕਰੜੇ ਹੱਥੀਂ ਲਿਆ ਜੋ ਡੇਰਾ ਸਮਰਥਕ ਵੱਲੋਂ ਕੀਤੀ ਬੇਅਦਬੀ ਬਾਰੇ ਚੁੱਪ ਹਨ ਜਦਕਿ ਵੀਰਪਾਲ ਕੌਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤੁਲਨਾ ਪਹਿਲੇ ਸਿੱਖ ਗੁਰੂ ਗੁਰੂ ਨਾਨਕ ਦੇਵ ਜੀ ਅਤੇ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨਾਲ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਅਖੌਤੀ ਪੰਥਕ ਜਥੇਬੰਦੀਆਂ ਦੀ ਚੁੱਪੀ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਵੱਲੋਂ ਕੁਠਪੁਤਲੀਆਂ ਵਜੋਂ ਵਰਤਿਆ ਜਾ ਰਿਹਾ ਹੈ। ਦੂਜਾ ਹੋਰ ਕੋਈ ਕਾਰਨ ਨਹੀਂ ਹੈ ਜਿਸ ਕਰਕੇ ਇਹ ਡੇਰਾ ਸਮਰਥਕ ਵੱਲੋਂ ਗੁਰੂ ਸਾਹਿਬਾਨ ਦੀ ਕੀਤੀ ਬੇਅਦਬੀ ਬਾਰੇ ਕੁਝ ਵੀ ਬੋਲਣ ਵਿਚ ਅਸਫਲ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਵੀਰਪਾਲ ਕੌਰ ਦੀਆਂ ਕਾਰਵਾਈਆਂ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਇਸੇ ਲਈ ਵੀਰਪਾਲ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਦੂਸ਼ਣਬਾਜਰੀ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਪਾਰਟੀ ਰੌਲਾ ਪਾਉਣ ਲੱਗ ਪਈ ਸੀ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਸਦੀ ਹਮਾਇਤ ਵਿਚ ਨਿਤਰ ਆਏ ਸਨ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਨਾਂ ‘ਤੇ ਰਾਜਨੀਤੀ ਕਰਨਾ ਚਾਹੁੰਦੀ ਹੈ ਤੇ ਉਸਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ।

Share this Article
Leave a comment