ਚੰਡੀਗੜ੍ਹ: ਦਾਤਾਸਿੰਘਵਾਲਾ-ਖਨੌਰੀ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀਰਵਾਰ ਨੂੰ 87ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਵੀਰਵਾਰ ਨੂੰ ਦੁਪਹਿਰ 12 ਵਜੇ ਜਗਜੀਤ ਸਿੰਘ ਡੱਲੇਵਾਲ ਮੋਰਚੇ ਵਿੱਚ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ ਅਹਿਮ ਐਲਾਨ ਕਰਨਗੇ। ਉਨ੍ਹਾਂ ਸਮੂਹ ਮੀਡੀਆ ਨੂੰ ਮੌਕੇ ’ਤੇ ਪੁੱਜਣ ਦੀ ਅਪੀਲ ਕੀਤੀ। ਕਿਸਾਨ ਆਗੂ ਨੇ ਦੱਸਿਆ ਕਿ ਸ਼ੁਕਰਵਾਰ ਨੂੰ ਸ਼ੁਭਕਰਨ ਸਿੰਘ ਦੇ ਪਿੰਡ ਬੱਲੋ (ਬਠਿੰਡਾ) ਵਿੱਚ ਹੋਣ ਵਾਲੀ ਸ਼ਰਧਾਂਜਲੀ ਸਭਾ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਹਰ ਪਿੰਡ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ।
ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਆਈਏਐਸ ਪੂਰਨ ਚੰਦਰ ਕਿਸ਼ਨ ਨੇ ਦਿੱਤੀ ਹੈ। ਇਸ ਵਿੱਚ ਕੇਂਦਰ ਅਤੇ ਪੰਜਾਬ ਦੇ ਮੰਤਰੀ ਭਾਗ ਲੈਣਗੇ। ਇਹ ਮੀਟਿੰਗ 22 ਤਰੀਕ ਨੂੰ ਸ਼ਾਮ 6 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ, ਸੈਕਟਰ-26, ਚੰਡੀਗੜ੍ਹ ਵਿਖੇ ਹੋਵੇਗੀ। ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਕੇਂਦਰ ਨਾਲ ਮੀਟਿੰਗ 14 ਫਰਵਰੀ ਨੂੰ ਹੋਈ ਸੀ।
ਕਿਸਾਨਾਂ ਦਾ ਇੱਕ ਸਮੂਹ ਬੁੱਧਵਾਰ ਨੂੰ ਹਰਿਆਣਾ ਦੇ ਸਿਰਸਾ ਤੋਂ ਬੱਲੋ ਪਿੰਡ ਲਈ ਰਵਾਨਾ ਹੋਇਆ ਹੈ। ਇਹ ਵੀ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਅੰਮ੍ਰਿਤਸਰ ‘ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ ਹੈ। ਉਨ੍ਹਾਂ ਦੇ ਦਿਲ ਵਿਚ ਤਿੰਨ ਸਟੈਂਟ ਲਗਾਏ ਗਏ ਹਨ। ਫਿਲਹਾਲ ਉਨ੍ਹਾਂ ਨੂੰ ਆਈਸੀਯੂ ‘ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਸਿਰਸਾ ਨੂੰ ਖਨੌਰੀ ਸਰਹੱਦ ਵਿਖੇ ਹੋਈ ਮਹਾਪੰਚਾਇਤ ਮੌਕੇ ਦਿਲ ਦਾ ਦੌਰਾ ਪੈ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

