ਬਠਿੰਡਾ: ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਗਿੱਲ ਨੂੰ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ‘ਤੇ ਸ਼ਹਿਰ ਦੇ ਕਾਂਗਰਸੀ ਹਲਕਿਆਂ ’ਚ ਖੁਸ਼ੀ ਦਾ ਮਹੌਲ ਪਾਇਆ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਪਾਲ ਸਿੰਘ ਭਠੇਜਾ, ਟਹਿਲ ਸਿੰਘ ਸੰਧੂ ਸਕੱਤਰ ਪੰਜਾਬ ਪ੍ਰਦੇਸ਼, ਸੇਵਾ ਮੁਕਤ ਜ਼ਿਲ੍ਹਾ ਖੇਡ ਅਧਿਕਾਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਗਰੇਵਾਲ, ਯੂਥ ਆਗੂ ਬਿੱਕਰ ਸਿੰਘ ਸਣੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਜਗਰੂਪ ਗਿੱਲ ਦੇ ਚੇਅਰਮੈਨ ਬਣਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ। ਆਗੂਆਂ ਨੇ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਮਿਹਨਤ, ਇਮਾਨਦਾਰੀ ਤੇ ਤਜ਼ੁਰਬੇਕਾਰ ਆਗੂ ਨੂੰ ਪਲਾਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕਰ ਜਿੱਥੇ ਇਸ ਅਹੁਦੇ ਦਾ ਮਾਣ ਵਧਾਇਆ ਹੈ, ਉਥੇ ਹੀ ਪੂਰੇ ਬਠਿੰਡੇ ਜ਼ਿਲ੍ਹੇ ਲਈ ਤਰੱਕੀ ਦਾ ਰਸਤਾ ਖੋਲ੍ਹ ਦਿੱਤਾ ਹੈ।