ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਕੈਪਟਨ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਰੱਦ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਸਿਆਸੀ ਭੂਚਾਲ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਿਨੇਟ ਦੀ ਮੀਟਿੰਗ ਸੱਦੀ ਗਈ ਸੀ।
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਸ ਮੀਟਿੰਗ ਵਿੱਚ ਬੇਅਬਦੀ ਮਾਮਲੇ ‘ਤੇ ਕਾਫ਼ੀ ਮਾਹੌਲ ਤਣਾਅ ਵਾਲਾ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਖ਼ਬਰ ਇਹ ਵੀ ਹੈ ਕਿ ਕੈਬਿਨੇਟ ਮੰਤੀਰ ਸੁਖਜਿੰਦਰ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ। ਹਾਲਾਂਕਿ ਮੁੱਖ ਮੰਤਰੀ ਨੇ ਦੋਵਾਂ ਲੀਡਰਾਂ ਦੇ ਅਸਤੀਫ਼ੇ ਉਸੇ ਸਮੇਂ ਹੀ ਫਾੜ ਦਿੱਤੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਸੂਬਾ ਕੋਰੋਨਾ ਮਹਾਮਾਰੀ ਦੀ ਲਪੇਟ ਵਿੱਚ ਹੈ। ਇਸ ਸੰਕਟ ਦੀ ਘੜੀ ਵਿੱਚ ਕਿਸੇ ਹੋਰ ਮੁੱਦੇ ਨੂੰ ਨਹੀਂ ਚੁੱਕਣਾ ਚਾਹੀਦਾ। ਜਿਸ ਤੋਂ ਬਾਅਦ ਕੈਪਟਨ ਨੇ ਸੁਖਜਿੰਦਰ ਰੰਧਾਵਾ ਅਤੇ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਖਾਰਜ ਕਰ ਦਿੱਤਾ। ਹਾਲਾਂਕਿ ਇਸ ਦੀ ਹਾਲੇ ਤੱਕ ਅਧਿਕਾਰਿਕ ਤੌਰ ‘ਤੇ ਪੁਸ਼ਟੀ ਨਹੀਂ ਹੋ ਸਕੀ।