ਚੰਡੀਗੜ੍ਹ : ਜਲੰਧਰ ਦੀ ਕਾਲੀਆਂ ਕਲੋਨੀ ਸਥਿਤ ਇੱਕ ਨਿੱਜੀ ਹਸਪਤਾਲ ਦੇ ਬਾਹਰ ਪੁਰਾਣੀ ਰੰਜਿਸ਼ ਦੇ ਚਲਦਿਆਂ ਬਦਮਾਸ਼ਾਂ ਨੇ ਇੱਕ ਨੌਜਵਾਨ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿੱਚ ਸ਼ਿਵ ਨਗਰ ਦੇ ਰਹਿਣ ਵਾਲੇ ਨੌਜਵਾਨ ਸੌਰਵ ਸਿੰਘ ਦੇ ਪੇਟ ਵਿੱਚ ਗੋਲੀ ਲੱਗੀ ਜਿਸ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਸੌਰਵ ਦੇ ਛੋਟੇ ਭਰਾ ਬੋਬੀ ਨੇ ਦੱਸਿਆ ਕਿ ਉਹ ਟੂਰ ਐਂਡ ਟ੍ਰੈਵਲ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦਾ ਦਫ਼ਤਰ ਬਲ ਹਸਪਤਾਲ ਦੇ ਕੋਲ ਹੀ ਹੈ। ਬੀਤੀ ਰਾਤ ਉਹ ਆਪਣੇ ਇੱਕ ਜਾਣਕਾਰ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਗਏ ਸਨ। ਇਸੇ ਦੌਰਾਨ ਉਨ੍ਹਾਂ ਨੇ ਆਪਣੇ ਇੱਕ ਸਾਥੀ ਨੂੰ ਨੇੜਲੇ ਪੈਟਰੋਲ ਪੰਪ ਤੋਂ ਪਾਣੀ ਲੈਣ ਲਈ ਭੇਜਿਆ। ਉੱਥੇ ਪਹਿਲਾਂ ਤੋਂ ਮੌਜੂਦ ਕੁਝ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਕਾਰਨ ਉਨ੍ਹਾਂ ਦੇ ਸਾਥੀ ‘ਤੇ ਹਮਲਾ ਕਰ ਦਿੱਤਾ। ਬੋਬੀ ਦਾ ਦੋਸਤ ਆਪਣੀ ਜਾਨ ਬਚਾਉਣ ਲਈ ਭੱਜ ਕੇ ਹਸਪਤਾਲ ਕੋਲ ਪਹੁੰਚਿਆ। ਜਦੋਂ ਬੋਬੀ ਨੇ ਵਿਚ-ਬਚਾਅ ਕਰਕੇ ਉਨ੍ਹਾਂ ਨੌਜਵਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਤਾਂ ਹਮਲਾਵਰਾਂ ਨੇ ਉਸ ਨਾਲ ਵੀ ਕੁੱਟਮਾਰ ਸ਼ੁਰੂ ਕਰ ਦਿੱਤੀ।
ਕੁੱਟਮਾਰ ਦੀ ਸੂਚਨਾ ਮਿਲਦੇ ਹੀ ਬੋਬੀ ਦਾ ਵੱਡਾ ਭਰਾ ਸੌਰਵ ਸਿੰਘ ਤੁਰੰਤ ਮੌਕੇ ‘ਤੇ ਪਹੁੰਚ ਗਿਆ। ਜਿਵੇਂ ਹੀ ਸੌਰਵ ਨੇ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਹਮਲਾਵਰਾਂ ਨੇਉਸ ‘ਤੇ ਗੋਲੀ ਚਲਾ ਦਿੱਤੀ। ਗੋਲੀ ਸੌਰਵ ਦੇ ਪੇਟ ਵਿੱਚ ਲੱਗੀ ਅਤੇ ਉਹ ਲਹੂ-ਲੁਹਾਨ ਹੋ ਕੇ ਉੱਥੇ ਹੀ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਟੀਮ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

