ਜਲੰਧਰ: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ ਨਿਯੁਕਤ ਜਨਰਲ ਆਬਜ਼ਰਵਰ ਉੱਤਮ ਕੁਮਾਰ ਪਾਤਰਾ, ਪੁਲਿਸ ਆਬਜ਼ਰਵਰ ਦਾਲੂਰਾਮ ਤੇਨੀਵਾਰ ਅਤੇ ਖਰਚਾ ਆਬਜ਼ਰਵਰ ਮੀਨੂੰ ਸੁਸੇਨ ਅਬਰਾਹਮ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਿਮਨੀ ਚੋਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਅਤੇ ਰਿਟਰਨਿੰਗ ਅਫ਼ਸਰ ਹਲਕਾ ਜਲੰਧਰ ਪੱਛਮੀ ਅਲਕਾ ਕਾਲੀਆ ਸਮੇਤ ਚੋਣ ਆਬਜ਼ਰਵਰਾਂ ਨੇ ਉਮੀਦਵਾਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਬੰਦ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ, ਜਿਸ ਦੇ ਲਈ 181 ਪੋਲਿੰਗ ਬੂਥ ਸਥਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕੁੱਲ 1,71,963 ਵੋਟਰਾਂ ਵਿੱਚ 89629 ਮਰਦ, 82326 ਮਹਿਲਾ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ, ਜਿਸ ਦੇ ਲਈ ਗਿਣਤੀ ਕੇਂਦਰ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸਥਾਪਤ ਕੀਤਾ ਗਿਆ ਹੈ।
ਆਬਜ਼ਰਵਰਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਨਹੀਂ ਤਾਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣਾਂ ਵਿੱਚ ਪੈਸੇ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 9 ਫਲਾਇੰਗ ਸਕੁਐਡ ਟੀਮਾਂ, 9 ਸਟੈਟਿਕ ਸਰਵੀਲੈਂਸ ਟੀਮਾਂ, 3 ਵੀਡੀਓ ਸਰਵੀਲੈਂਸ ਟੀਮਾਂ, 2 ਵੀਡੀਓ ਵਿਊਇੰਗ ਟੀਮਾਂ ਸ਼ਾਮਲ ਹਨ। ਇਸ ਤੋਂ ਇਲਾਵਾ ਇਕ ਲੇਖਾ ਟੀਮ ਅਤੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈੱਲ ਵੀ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਮੀਦਵਾਰਾਂ/ਸਿਆਸੀ ਪਾਰਟੀਆਂ ਲਈ ਚੋਣ ਪ੍ਰਚਾਰ ਲਈ ਰੈਲੀ/ਰੋਡ ਸ਼ੋਅ/ਮੀਟਿੰਗਾਂ, ਵਾਹਨਾਂ/ਲਾਊਡ ਸਪੀਕਰਾਂ/ਵੀਡੀਓ ਵੈਨਾਂ ਦੀ ਵਰਤੋਂ ਲਈ ਪ੍ਰਵਾਨਗੀ ਲੈਣਾ ਲਾਜ਼ਮੀ ਹੈ, ਜਿਸ ਦੇ ਲਈ ਸਥਾਨਕ ਲਾਇਲਪੁਰ ਖਾਲਸਾ ਕਾਲਜ ਵੂਮੈਨ ਵਿਖੇ ਪ੍ਰਵਾਨਗੀ ਸੈੱਲ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਨਗੀ ਤੋਂ ਬਿਨਾਂ ਰੈਲੀ/ਰੋਡ ਸ਼ੋਅ, ਵਾਹਨਾਂ/ਲਾਊਡ ਸਪੀਕਰਾਂ ਦੀ ਵਰਤੋਂ ਕਰਨ ਵਾਲਿਆਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਲਈ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਦੇ ਕੰਟੈਂਟ ਦੀ ਪ੍ਰੀ ਸਰਟੀਫਿਕੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਸ ਦੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ. 14-ਏ ਵਿਖੇ ਮੀਡੀਆ ਸਰਟੀਫਿਕੇਸ਼ ਅਤੇ ਮੋਨੀਟਰਿੰਗ ਸੈੱਲ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸਿਆਸੀ ਪਾਰਟੀਆਂ ਨੂੰ ਧਰਮ, ਜਾਤ, ਭਾਸ਼ਾ ਆਦਿ ਦੇ ਆਧਾਰ ‘ਤੇ ਵੋਟਾਂ ਲਈ ਅਪੀਲ ਨਹੀਂ ਕਰਨੀ ਚਾਹੀਦੀ ਅਤੇ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ, ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ। ਇਸੇ ਤਰ੍ਹਾਂ ਚੋਣ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਇਸ ਤੋਂ ਇਲਾਵਾ ਪ੍ਰਾਪਰਟੀ ‘ਤੇ ਪੋਸਟਰ/ਬੈਨਰ ਲਗਾਉਣ ਤੋਂ ਪਹਿਲਾਂ ਉਸ ਦੇ ਮਾਲਕਾਂ ਤੋਂ ਲਿਖਤੀ ਇਜਾਜ਼ਤ ਲੈਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਪਾਬੰਦੀਸ਼ੁਦਾ ਸਮੇਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ, ਸੋਸ਼ਲ ਮੀਡੀਆ, ਬਲਕ ਐਸ.ਐਮ.ਐਸ. ਸਮੇਤ ਕਿਸੇ ਵੀ ਪਲੇਟਫਾਰਮ ‘ਤੇ ਕੋਈ ਪ੍ਰਚਾਰ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਈ ਵੀ ਸਿਆਸੀ ਪਾਰਟੀ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਦੇ ਅੰਦਰ ਚੋਣ ਪ੍ਰਚਾਰ ਨਹੀਂ ਕਰੇਗੀ।
ਖਰਚਾ ਆਬਜ਼ਰਵਰ ਮੀਨੂੰ ਸੁਸੇਨ ਅਬਰਾਹਮ ਨੇ ਕਿਹਾ ਕਿ ਸਿਆਸੀ ਪਾਰਟੀਆਂ/ਉਮੀਦਵਾਰ ਚੋਣ ਖਰਚੇ ਸਬੰਧੀ ਆਪਣੇ ਖਾਤੇ ਸਾਵਧਾਨੀ ਨਾਲ ਮੇਨਟੇਨ ਕਰਨ ਅਤੇ ਇਕ-ਇਕ ਪੈਸੇ ਦਾ ਇੰਦਰਾਜ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਚੋਣ ਖਰਚਾ ਦਰਜ ਹੋਣ ਤੋਂ ਰਹਿ ਨਾ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਕ ਉਮੀਦਵਾਰ ਲਈ ਚੋਣ ਖਰਚੇ ਦੀ ਵੱਧ ਤੋਂ ਵੱਧ ਸੀਮਾ 40 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰਚਾ ਟੀਮ ਵੱਲੋਂ ਤਿੰਨ ‘ਅਕਾਊਂਟ ਰੀਕੰਸੀਲੇਸ਼ਨ’ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਆਪਣੇ ਚੋਣ ਖਰਚਿਆਂ ਸਬੰਧੀ ਅਸਲ ਰਿਕਾਰਡ ਨਾਲ ਲੈ ਕੇ ਆਉਣਾ ਹੋਵੇਗਾ।
ਇਸ ਮੌਕੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਤੇ ਉਮੀਦਵਾਰ ਵੀ ਮੌਜੂਦ ਸਨ।
ਕੈਪਸ਼ਨ: ਜਨਰਲ ਆਬਜ਼ਰਵਰ ਉੱਤਮ ਕੁਮਾਰ ਪਾਤਰਾ, ਪੁਲਿਸ ਆਬਜ਼ਰਵਰ ਦਾਲੂਰਾਮ ਤੇਨੀਵਾਰ ਅਤੇ ਖਰਚਾ ਆਬਜ਼ਰਵਰ ਮੀਨੂੰ ਸੁਸੇਨ ਅਬਰਾਹਮ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।