ਚੰਡੀਗੜ੍ਹ : (ਦਰਸ਼ਨ ਸਿੰਘ ਖੋਖਰ ) : ਜੱਟ ਮਹਾਂ ਸਭਾ ਪੰਜਾਬ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਕਿਸਾਨਾਂ ਲਈ ਰਾਖਵੇਂਕਰਨ ਦਾ ਐਲਾਨ ਨਾ ਕੀਤਾ ਤਾਂ ਉਹ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰਨਗੇ।
ਚੰਡੀਗਡ਼੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਟ ਮਹਾਂ ਸਭਾ ਪੰਜਾਬ ਇਕਾਈ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਗਰੀਬ ਕਿਸਾਨ ਮੰਦਹਾਲੀ ਦੇ ਦੌਰ ਵਿੱਚ ਹੈ ਜਿਸ ਕਾਰਨ ਗਰੀਬ ਕਿਸਾਨਾਂ ਨੂੰ ਵਿੱਤੀ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ । ਉਨ੍ਹਾਂ ਮੰਗ ਕੀਤੀ ਕਿ ਹਰ ਗਰੀਬ ਕਿਸਾਨ ਨੂੰ ਤਿੱਨ ਸੌ ਯੂਨਿਟ ਬਿਜਲੀ ਮੁਆਫ ਕੀਤੀ ਜਾਵੇ, ਪੀਣ ਦਾ ਪਾਣੀ ਵੀ ਮੁਫਤ ਮੁਹੱਈਆ ਕਰਵਾਇਆ ਜਾਵੇ ਅਤੇ ਗ਼ਰੀਬ ਕਿਸਾਨਾਂ ਨੂੰ ਓਬੀਸੀ ਕੋਟੇ ਵਿੱਚ ਰੱਖਕੇ ਰਾਖਵਾਂਕਰਨ ਦਾ ਲਾਭ ਦਿੱਤਾ ਜਾਵੇ। ਗਰਮੀ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਘੱਟੋ ਘੱਟ ਅੱਠ ਘੰਟੇ ਬਿਜਲੀ ਟਿਊਬਵੈੱਲਾਂ ਲਈ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਹੀ ਹਨ ਅਤੇ ਹੁਣ ਉਨ੍ਹਾਂ ਦੀ ਪ੍ਰਧਾਨਗੀ ਵਾਲੀ ਜਥੇਬੰਦੀ ਨੇ ਹੀ ਉਨ੍ਹਾਂ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਜੇਕਰ ਪੰਜਾਬ ਦੇ ਗਰੀਬ ਕਿਸਾਨਾਂ ਦਾ ਕੁਝ ਨਾ ਸੰਵਾਰਿਆ ਤਾਂ ਜੱਟ ਮਹਾਂ ਸਭਾ ਪੰਜਾਬ ਦੇ ਆਗੂ ਸੰਘਰਸ਼ ਦਾ ਐਲਾਨ ਕਰਨ ਲਈ ਮਜ਼ਬੂਰ ਹੋਣਗੇ।
ਹਰਪਾਲ ਸਿੰਘ ਹਰਪੁਰਾ ਨੇ ਕਿਹਾ ਕਿ ਉਨ੍ਹਾਂ ਦੀ ਜੱਟ ਮਹਾਸਭਾ ਵਿਚ ਕਿਸੇ ਵੀ ਸਿਆਸੀ ਪਾਰਟੀ ਦਾ ਲੀਡਰ ਆ ਸਕਦਾ ਹੈ ਸ਼ਰਤ ਇਹ ਹੈ ਕਿ ਉਹ ਕਿਸਾਨ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਤਾਂ ਦਿੱਲੀ ਵਿਚਲੇ ਕਿਸਾਨ ਸੰਯੁਕਤ ਮੋਰਚੇ ਦੇ ਪ੍ਰੋਗਰਾਮ ਨੂੰ ਸਫਲ ਬਣਾਉਣਾ ਹੈ ਅਤੇ ਨਾਲ ਹੀ ਗਰੀਬ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਹੈ।