ਮੁਹਾਲੀ: ਮਰਹੂਮ ਅਕਾਲੀ ਆਗੂ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅੱਜ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਬਾਰੇ ਮੁਹਾਲੀ ਦੇ ਫ਼ੇਜ਼-11 ਸਥਿਤ ਗੁਰਦੁਆਰਾ ਸਾਹਿਬ ਵਿੱਚ ਸਮਾਗਮ ਕੀਤਾ ਗਿਆ।
ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕਾਰਪੋਰੇਟ ਘਰਾਣਿਆਂ ਦੀ ਪਾਰਟੀ ਬਣਾ ਦਿੱਤਾ ਹੈ। ਹੁਣ ਢੀਂਡਸਾ ਨੇ ਅਸਲ ਅਕਾਲੀ ਦਲ ਦੀ ਹੋਂਦ ਬਚਾਉਣ ਲਈ ਪਹਿਲਕਦਮੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਬਿਨਾਂ ਕਿਸੇ ਲਾਲਚ ਤੋਂ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਬੀਬੀ ਪਰਮਜੀਤ ਕੌਰ ਗੁਲਸ਼ਨ, ਟਕਸਾਲੀ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਗਗਨਪ੍ਰੀਤ ਸਿੰਘ ਬੈਂਸ ਤੇ ਫੈਡਰੇਸ਼ਨ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਸਣੇ ਵੱਡੀ ਗਿਣਤੀ ਵਿੱਚ ਤਲਵੰਡੀ ਦੇ ਸਮਰਥਕ ਹਾਜ਼ਰ ਸਨ।
ਇਸ ਮੌਕੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਕਾਫਲਾ ਦਿਨੋ ਦਿਨ ਵਧਦਾ ਹੀ ਰਹੇਗਾ ਅਤੇ ਜਲਦੀ ਹੀ ਉਹ ਪਾਰਟੀ ਦੀਆਂ ਕਮੇਟੀਆਂ ਬਣਾ ਲੈਣਗੇ ਤਾਂ ਕਿ ਪਾਰਟੀ ਦਾ ਕੰਮ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਇਸ ਤੋਂ ਇਲਾਵਾ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਉਨ੍ਹਾਂ ਨਾਲ ਵੱਡੀ ਪੱਧਰ ਤੇ ਵਰਕਰ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਤੇ ਹੋਰ ਬਹੁਤ ਸਾਰੇ ਆਗੂ ਬੇਹੱਦ ਸ਼ਰਮਿੰਦਾ ਹਨ ਕਿ ਅਕਾਲੀ ਦਲ ਦੇ ਰਾਜ ਦੌਰਾਨ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾ ਸਕੀਆਂ।