ਜਥੇਦਾਰ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ

Prabhjot Kaur
3 Min Read

ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ। ਉਨ੍ਹਾ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਖਾਲਸਾ ਪੰਥ ਵੱਲੋਂ ਪੰਥਕ ਵਹੀਰ ਸ਼ੁਰੂ ਕੀਤੀ ਜਾਵੇਗੀ, ਜੋ ਲੋਕਾਂ ਵਿਚ ਸਰਕਾਰ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰੇਗੀ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖਾਂ ਦੇ ਖਿਲਾਫ ਸਟੇਟ ਵਲੋਂ ਬੜੀ ਜ਼ਹੀਨ ਤੇ ਕੂਟਨੀਤਕ ਘੇਰਾਬੰਦੀ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ ਵੀ ਹਿੰਸਕ ਨਾ ਹੋ ਕੇ ਕੂਟਨੀਤਕ ਤੌਰ ‘ਤੇ ਦੇਣ ਲਈ ਸਿੱਖਾਂ ਅੰਦਰ ਸਮੂਹਿਕ ਸਮਰੱਥਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਸ ਜਮਹੂਰੀ ਤੇ ਫਿਰਕੂ ਵੰਨ-ਸੁਵੰਨਤਾ ਵਾਲੇ ਭਾਰਤ ਵਿਚ ਸ਼ਰ੍ਹੇਆਮ ਘੱਟ-ਗਿਣਤੀਆਂ ਦਾ ਦਮਨ ਕਰਕੇ ਹਿੰਦੂ ਰਾਸ਼ਟਰ ਬਣਾਉਣ ਦੇ ਐਲਾਨ ਕੀਤੇ ਜਾਂਦੇ ਹਨ ਪਰ ਅਜਿਹੇ ਭੜਕਾਹਟ ਭਰੇ ਬਿਆਨ ਦੇਣ ਵਾਲੇ ਲੋਕਾਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ, ਦੂਜੇ ਪਾਸੇ ਜਮਹੂਰੀਅਤ ਦੇ ਦਾਇਰੇ ਅੰਦਰ ਰਹਿ ਕੇ ਆਪਣੇ ਵਿਚਾਰ ਪੇਸ਼ ਕਰਨ ਵਾਲੇ ਸਿੱਖਾਂ ‘ਤੇ ਸਰਕਾਰਾਂ ਕਾਲੇ ਕਾਨੂੰਨ ਲਾਉਣ ਲੱਗਿਆਂ ਦੇਰ ਨਹੀਂ ਲਾਉਂਦੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਕੇ ਦਹਿਸ਼ਤ ਦੇ ਮਾਹੌਲ ਨੂੰ ਖਤਮ ਨਹੀਂ ਕਰਦੀ ਤਾਂ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਭਾਰਤੀ ਸਟੇਟ ਵਲੋਂ ਸਿਰਜੇ ਮਾਹੌਲ ਦੇ ਖਿਲਾਫ ਦੇਸ਼-ਵਿਦੇਸ਼ ਵਿਚ ਕੂਟਨੀਤਕ ਤੌਰ ‘ਤੇ ਪ੍ਰਚਾਰ ਦੀ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਕੌਮੀ ਮੀਡੀਆ ਰਾਹੀੰ ਸਿੱਖਾਂ ਦੀ ਕੀਤੀ ਕਿਰਦਾਰਕੁਸ਼ੀ ਦੇ ਖਿਲਾਫ ਸਿੱਖ ਸੰਸਥਾਵਾਂ ਵਲੋਂ ਕਾਨੂੰਨੀ ਪੈਰਵਾਈ ਵੀ ਕੀਤੀ ਜਾਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਜਬਰ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ‘ਤੇ ਲੱਗੇ ਕੌਮੀ ਸੁਰੱਖਿਆ ਐਕਟ ਤੁੜਵਾਉਣ ਅਤੇ ਹੋਰ ਕਾਨੂੰਨੀ ਸਹਾਇਤਾ ਕਰਨ ਲਈ ਵਕੀਲਾਂ ਦੇ ਪੈਨਲ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਗ੍ਰਿਫਤਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਸ਼੍ਰੋਮਣੀ ਕਮੇਟੀ ਨਾਲ ਤੁਰੰਤ ਰਾਬਤਾ ਕਰਨ ਤਾਂ ਜੋ ਉਨ੍ਹਾਂ ਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment