ਜਗਤਾਰ ਸਿੰਘ ਸਿੱਧੂ
ਮੈਨੇਜਿੰਗ ਐਡੀਟਰ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਐਲਾਨ ਕੀਤਾ ਗਿਆ ਹੈ ਕਿ ਅਕਾਲ ਤਖ਼ਤ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਆਵਾਜ਼ ਬੁਲੰਦ ਕਰਨ ਵਾਲੇ ਮੀਡੀਆ ਨਾਲ ਡੱਟ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਆਵਾਜ਼ ਦੀ ਰਾਖੀ ਕਰਨਾ ਅਕਾਲ ਤਖ਼ਤ ਸਾਹਿਬ ਦੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਕੌਮੀ ਪੱਧਰ ’ਤੇ ਮੀਡੀਆ ਦੇ ਇੱਕ ਹਿੱਸੇ ਨੂੰ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦਾ ਕੰਮ ਬੰਦ ਕਰਨਾ ਚਾਹੀਦਾ ਹੈ ਅਤੇ ਅਜਿਹੇ ਮੀਡੀਆ ਨੂੰ ਸਾਡੀਆਂ ਰਵਾਇਤਾਂ ਤੇ ਸੱਭਿਆਚਾਰ ਨੂੰ ਸਮਝਣ ਦੀ ਲੋੜ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਲੂਣਾ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਰਿਪੋਰਟਾਂ ਦੇਣ ਵਾਲੇ ਮੀਡੀਆ ਉੱਪਰ ਕੇਸ ਦਰਜ ਕਿਉਂ ਨਹੀਂ ਕਰਾਏ ਗਏ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰਾਂ ਵੱਲੋਂ ਸਿੱਖਾਂ ਬਾਰੇ ਅਪਣਾਈਆਂ ਗਈਆਂ ਦਮਨਕਾਰੀ ਨੀਤੀਆਂ ਵਿਰੁੱਧ ਵੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਹਿਸ਼ਤ ਵਾਲਾ ਮਾਹੌਲ ਨਹੀਂ ਪੈਦਾ ਕਰਨਾ ਚਾਹੀਦਾ। ਉਨ੍ਹਾਂ ਦਾ ਕਹਿਣਾ ਹੈ ਕਿ ਸੜਕਾਂ ਉੱਪਰ ਫਲੈਗ ਮਾਰਚ ਕਰਨ ਅਤੇ ਦਹਿਸ਼ਤ ਵਾਲਾ ਮਾਹੌਲ ਬਣਾਉਣ ਨਾਲ ਕੇਵਲ ਪੰਜਾਬ ਹੀ ਬਦਨਾਮ ਨਹੀਂ ਹੋਇਆ ਸਗੋਂ ਸਰਕਾਰ ਵੀ ਬਦਨਾਮ ਹੋਈ ਹੈ। ਜੇਕਰ ਜਥੇਦਾਰ ਦੀ ਮਾਹੌਲ ਬਾਰੇ ਟਿੱਪਣੀ ਨੂੰ ਦੇਖਿਆ ਜਾਵੇ ਤਾਂ ਪਤਾ ਲੱਗਦਾ ਹੈ ਕਿ ਕਿਸ ਤਰਾਂ ਇੱਕ ਪਾਸੇ ਤਾਂ ਪੰਜਾਬ ਪੁਰ ਅਮਨ ਹੈ ਅਤੇ ਭਾਈਚਾਰਕ ਸਾਂਝ ਕਾਇਮ ਹੈ ਪਰ ਦੂਜੇ ਪਾਸੇ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹਾ ਮਾਹੌਲ ਸਿਰਜਿਆ ਗਿਆ ਜਿਸ ਤੋਂ ਇਹ ਲੱਗਦਾ ਹੈ ਕਿ ਪੰਜਾਬ ਇੱਕ ਗੜਬੜ ਵਾਲੇ ਦੌਰ ਵਿੱਚੋਂ ਲੰਘ ਰਿਹਾ ਹੈ। ਇਸ ਮਾਮਲੇ ਬਾਰੇ ਜਥੇਦਾਰ ਨੇ ਠੀਕ ਹੀ ਕਿਹਾ ਹੈ ਕਿ ਜੇਕਰ ਸਰਕਾਰ ਸਖ਼ਤੀ ਨਾਲ ਪੰਜਾਬ ਵਿੱਚ ਸਿੱਖ ਭਾਈਚਾਰੇ ਦੀ ਆਵਾਜ਼ ਦਬਾਏਗੀ ਤਾਂ ਉਹ ਦੇਸ਼ ਦੇ ਹੋਰਾਂ ਸੂਬਿਆਂ ਵਿੱਚ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨਗੇ। ਜੇਕਰ ਦੇਸ਼ ਅੰਦਰ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਤਾਂ ਰੋਕਿਆ ਗਿਆ ਤਾਂ ਵਿਦੇਸ਼ਾਂ ਵਿੱਚ ਵੀ ਉਹ ਆਪਣੀ ਆਵਾਜ਼ ਚੁੱਕਣਗੇ। ਜਥੇਦਾਰ ਨੇ ਇਸ ਗੱਲ ਵੱਲ ਵੀ ਸੰਕੇਤ ਦਿੱਤਾ ਹੈ ਕਿ ਸਿੱਖ ਭਾਈਚਾਰਾ ਟਕਰਾਅ ਨਹੀਂ ਚਾਹੁੰਦਾ ਸਗੋਂ ਗੱਲ-ਬਾਤ ਰਾਹੀਂ ਮਸਲਿਆਂ ਦਾ ਹੱਲ ਚਾਹੁੰਦਾ ਹੈ।
ਸਵਾਲ ਤਾਂ ਇਹ ਵੀ ਪੈਦਾ ਹੁੰਦਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੀਡੀਆ ਅਤੇ ਪੰਥ ਨਾਲ ਜੁੜੇ ਮਾਮਲਿਆਂ ਨੂੰ ਵਾਜਬ ਉਠਾਇਆ ਹੈ ਪਰ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਮਜ਼ਬੂਤ ਪੰਥਕ ਧਿਰ ਦੀ ਜ਼ਰੂਰਤ ਹੈ। ਇਸ ਵੇਲੇ ਸਥਿਤੀ ਇਹ ਬਣੀ ਹੋਈ ਹੈ ਕਿ ਪੰਥਕ ਮੁੱਦਿਆਂ ਦੀ ਪਹਿਰੇਦਾਰੀ ਕਰਨ ਵਾਲਾ ਅਕਾਲੀ ਦਲ ਹਾਸ਼ੀਆ ਉੱਪਰ ਜਾ ਚੁੱਕਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਵੀ ਬਾਦਲ ਪਰਿਵਾਰ ਦੇ ਕਬਜ਼ੇ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਇਸ ਵੇਲੇ ਸਿੱਖ ਭਾਈਚਾਰੇ ਅੰਦਰ ਮਜ਼ਬੂਤ ਲੀਡਰਸ਼ਿਪ ਦਾ ਪੈਦਾ ਹੋਇਆ ਖਿਲਾਅ ਵੀ ਆਪਣੇ ਆਪ ਵਿੱਚ ਵੱਡਾ ਸਵਾਲ ਹੈ। ਇਸ ਲਈ ਜਥੇਦਾਰ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਮਜ਼ਬੂਤ ਪੰਥਕ ਲੀਡਰਸ਼ਿਪ ਦੀ ਜ਼ਰੂਰਤ ਹੈ। ਜਦੋਂ ਲੀਡਰਸ਼ਿਪ ਦਾ ਸਵਾਲ ਉੱਠਦਾ ਹੈ ਤਾਂ ਅਕਾਲੀ ਦਲ ਅੰਦਰ ਵੀ ਵਿਰੋਧੀ ਸੁਰ ਨੂੰ ਚੁੱਪ ਕਰਵਾ ਦਿੱਤਾ ਜਾਂਦਾ ਹੈ ਜਾਂ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ। ਇਸੇ ਤਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਬਾਰੇ ਲਏ ਗਏ ਫ਼ੈਸਲੇ ਨੂੰ ਅਮਲੀ ਰੂਪ ਨਾ ਦੇਣ ਬਾਰੇ ਸਵਾਲ ਵੀ ਉੱਠ ਰਹੇ ਹਨ। ਇਸ ਤਰਾਂ ਜਦੋਂ ਪੰਥ ਅੰਦਰ ਹੀ ਜਮਹੂਰੀ ਪ੍ਰਬੰਧ ਨੂੰ ਢਾਹ ਲੱਗ ਰਹੀ ਹੈ ਤਾਂ ਮੀਡੀਆ ਦੀ ਰਾਖੀ ਲਈ ਜਥੇਦਾਰ ਵੱਲੋਂ ਕੀਤੇ ਗਏ ਐਲਾਨ ਬਾਰੇ ਸਵਾਲ ਉੱਠਣੇ ਸੁਭਾਵਿਕ ਹਨ।