ਨਵੀ ਦਿੱਲੀ : ਜਸਟਿਸ ਸੂਰਿਆ ਕਾਂਤ ਨੇ ਅੱਜ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ਼ ਜਸਟਿਸ (CJI) ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਈ। ਸੀਜੇਆਈ ਬੀਆਰ ਗਵਈ ਦਾ ਕਾਰਜਕਾਲ ਐਤਵਾਰ, 23 ਨਵੰਬਰ ਨੂੰ ਖਤਮ ਹੋ ਗਿਆ ਹੈ। ਜਸਟਿਸ ਸੂਰਿਆ ਕਾਂਤ 9 ਫਰਵਰੀ, 2027 ਨੂੰ ਸੇਵਾਮੁਕਤ ਹੋਣਗੇ ਅਤੇ ਉਨ੍ਹਾਂ ਦਾ ਕਾਰਜਕਾਲ ਲਗਭਗ 14 ਮਹੀਨੇ ਹੋਵੇਗਾ। ਸਹੁੰ ਚੁੱਕਣ ਤੋਂ ਬਾਅਦ, CJI ਸੂਰਿਆ ਕਾਂਤ ਨੇ ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਮੌਜੂਦ ਹੋਰਾਂ ਨਾਲ ਮੁਲਾਕਾਤ ਕੀਤੀ।
ਰਿਪੋਰਟਸ ਅਨੁਸਾਰ, ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ, ਇੰਨਾ ਵੱਡਾ ਅੰਤਰਰਾਸ਼ਟਰੀ ਨਿਆਂਇਕ ਵਫ਼ਦ ਕਿਸੇ ਸੀਜੇਆਈ ਦੇ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਰਿਹਾ। ਇਸ ਵਾਰ ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ਼੍ਰੀਲੰਕਾ ਦੇ ਮੁੱਖ ਜੱਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ।
ਦੱਸ ਦਈਏ ਕਿ ਜਸਟਿਸ ਸੂਰਿਆਕਾਂਤ ਦਾ ਪੂਰਾ ਪਰਿਵਾਰ ਹਿਸਾਰ ਦੇ ਪੇਟਵਾੜ ਪਿੰਡ ਵਿੱਚ ਰਹਿੰਦਾ ਹੈ। ਉਨ੍ਹਾਂ ਦਾ ਵੱਡਾ ਭਰਾ ਮਾਸਟਰ ਰਿਸ਼ੀਕਾਂਤ ਆਪਣੇ ਪਰਿਵਾਰ ਨਾਲ ਪਿੰਡ ਵਿੱਚ ਰਹਿੰਦਾ ਹੈ, ਜਦੋਂ ਕਿ ਇੱਕ ਭਰਾ ਹਿਸਾਰ ਸ਼ਹਿਰ ਵਿੱਚ ਰਹਿੰਦਾ ਹੈ ਅਤੇ ਤੀਜਾ ਭਰਾ ਦਿੱਲੀ ਵਿੱਚ ਰਹਿੰਦਾ ਹੈ। ਜਸਟਿਸ ਸੂਰਿਆ ਕਾਂਤ ਦਾ ਵਿਆਹ 1980 ਵਿੱਚ ਸਵਿਤਾ ਸ਼ਰਮਾ ਨਾਲ ਹੋਇਆ ਸੀ, ਜੋ ਕਿ ਪੇਸ਼ੇ ਤੋਂ ਲੈਕਚਰਾਰ ਸੀ ਅਤੇ ਬਾਅਦ ਵਿੱਚ ਇੱਕ ਕਾਲਜ ਦੀ ਪ੍ਰਿੰਸੀਪਲ ਵਜੋਂ ਸੇਵਾਮੁਕਤ ਹੋਈ। ਉਨ੍ਹਾਂ ਦੀਆਂ ਦੋ ਧੀਆਂ ਹਨ, ਜੋ ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦੇ ਹੋਏ, ਕਾਨੂੰਨ ਵਿੱਚ ਪੋਸਟ-ਗ੍ਰੈਜੂਏਸ਼ਨ (ਮਾਸਟਰ ਡਿਗਰੀ) ਕਰ ਰਹੀਆਂ ਹਨ।
ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਕਈ ਸੰਵਿਧਾਨਕ ਬੈਂਚਾਂ ਵਿੱਚ ਸੇਵਾ ਨਿਭਾਈ ਹੈ। ਆਪਣੇ ਕਾਰਜਕਾਲ ਦੌਰਾਨ, ਉਹ ਸੰਵਿਧਾਨਕ, ਮਨੁੱਖੀ ਅਧਿਕਾਰਾਂ ਅਤੇ ਪ੍ਰਸ਼ਾਸਨਿਕ ਕਾਨੂੰਨ ਦੇ ਮਾਮਲਿਆਂ ਨੂੰ ਕਵਰ ਕਰਨ ਵਾਲੇ 1,000 ਤੋਂ ਵੱਧ ਫੈਸਲਿਆਂ ਵਿੱਚ ਸ਼ਾਮਲ ਰਹੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

