ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਸੂਰਿਆ ਕਾਂਤ ਨੂੰ ਭਾਰਤ ਦਾ ਨਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਉਹ 24 ਨਵੰਬਰ ਨੂੰ ਅਹੁਦਾ ਸੰਭਾਲਣਗੇ। ਮੌਜੂਦਾ ਚੀਫ਼ ਜਸਟਿਸ ਬੀਆਰ ਗਵਈ ਦਾ ਕਾਰਜਕਾਲ 23 ਨਵੰਬਰ ਨੂੰ ਖਤਮ ਹੋਵੇਗਾ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਸਟਿਸ ਸੂਰਿਆ ਕਾਂਤ ਨੂੰ ਨਵੇਂ ਚੀਫ਼ ਜਸਟਿਸ ਵਜੋਂ ਨਿਯੁਕਤੀ ‘ਤੇ ਵਧਾਈ ਦਿੱਤੀ ਹੈ। ਉਹ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣਗੇ।
ਇਹ ਨੋਟੀਫਿਕੇਸ਼ਨ ਸੀਜੇਆਈ ਗਵਈ ਵੱਲੋਂ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਸਰਕਾਰ ਨੂੰ ਜਸਟਿਸ ਕਾਂਤ ਦੇ ਨਾਮ ਦੀ ਸਿਫ਼ਾਰਸ਼ ਕਰਨ ਤੋਂ ਦੋ ਦਿਨ ਬਾਅਦ ਆਇਆ ਹੈ। ਜਸਟਿਸ ਸੂਰਿਆ ਕਾਂਤ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜਾਂ ਵਿੱਚੋਂ ਇੱਕ ਹਨ। ਸੁਪਰੀਮ ਕੋਰਟ ਦੇ ਜੱਜਾਂ ਲਈ ਸੇਵਾਮੁਕਤੀ ਦੀ ਉਮਰ 65 ਸਾਲ ਹੈ।
ਕੌਣ ਹਨ ਜਸਟਿਸ ਸੂਰਿਆਕਾਂਤ?
ਜਸਟਿਸ ਸੂਰਿਆ ਕਾਂਤ ਦਾ ਜਨਮ 10 ਫਰਵਰੀ, 1962 ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਇੱਕ ਮੱਧ ਵਰਗੀ ਪਰਿਵਾਰ ਵਿੱਚ ਹੋਇਆ ਸੀ। ਉਹ 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਬਣੇ। ਉਹ ਸੁਪਰੀਮ ਕੋਰਟ ਵਿੱਚ ਦੋ ਦਹਾਕਿਆਂ ਤੋਂ ਵੱਧ ਦਾ ਤਜਰਬਾ ਰੱਖਦੇ ਹਨ। ਉਨ੍ਹਾਂ ਦੇ ਇਤਿਹਾਸਕ ਫੈਸਲਿਆਂ ਵਿੱਚ ਧਾਰਾ 370 ਨੂੰ ਰੱਦ ਕਰਨਾ, ਬੋਲਣ ਦੀ ਆਜ਼ਾਦੀ, ਲੋਕਤੰਤਰ, ਭ੍ਰਿਸ਼ਟਾਚਾਰ, ਵਾਤਾਵਰਣ ਅਤੇ ਲਿੰਗ ਸਮਾਨਤਾ ਸ਼ਾਮਲ ਹਨ।
ਜਸਟਿਸ ਸੂਰਿਆ ਕਾਂਤ ਵੀ ਉਸ ਬੈਂਚ ਦਾ ਹਿੱਸਾ ਸਨ ਜਿਸ ਨੇ ਪੁਰਾਣੇ ਦੇਸ਼ਧ੍ਰੋਹ ਕਾਨੂੰਨ ‘ਤੇ ਰੋਕ ਲਗਾ ਦਿੱਤੀ ਸੀ ਅਤੇ ਨਿਰਦੇਸ਼ ਦਿੱਤਾ ਸੀ ਕਿ ਜਦੋਂ ਤੱਕ ਸਰਕਾਰ ਇਸਦੀ ਸਮੀਖਿਆ ਨਹੀਂ ਕਰਦੀ, ਇਸ ਦੇ ਤਹਿਤ ਕੋਈ ਨਵੀਂ ਐਫਆਈਆਰ ਦਰਜ ਨਹੀਂ ਕੀਤੀ ਜਾਣੀ ਚਾਹੀਦੀ।

