ਨਵੀ ਦਿੱਲੀ :ਇਲਾਹਾਬਾਦ ਹਾਈ ਕੋਰਟ ਵਿੱਚ ਤਾਇਨਾਤ ਜਸਟਿਸ ਯਸ਼ਵੰਤ ਵਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਦਿੱਲੀ ਸਥਿਤ ਘਰ ਵਿੱਚੋਂ ਭਾਰੀ ਮਾਤਰਾ ਵਿੱਚ ਸੜੇ ਹੋਏ ਨੋਟ ਮਿਲਣ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਅੰਦਰੂਨੀ ਜਾਂਚ ਚੱਲ ਰਹੀ ਸੀ। ਇਸ ਦੇ ਨਾਲ ਹੀ ਉਨ੍ਹਾਂ ਵਿਰੁੱਧ ਮਹਾਂਦੋਸ਼ ਚਲਾਉਣ ਦੀ ਚਰਚਾ ਵੀ ਗਰਮ ਸੀ। ਇਸੇ ਦੌਰਾਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ ਹੈ।
ਉਨ੍ਹਾਂ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਸ਼ੁੱਕਰਵਾਰ ਨੂੰ ਇਹ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਜੱਜ ਰਹੇ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ ਤੋਂ ਕਥਿਤ ਤੌਰ ‘ਤੇ ਨਕਦੀ ਮਿਲੀ ਸੀ। ਇਸ ਨੂੰ ਲੈ ਕੇ ਵਿਵਾਦ ਡੂੰਘਾ ਹੋ ਗਿਆ ਸੀ।
ਦਰਅਸਲ, ਜਸਟਿਸ ਯਸ਼ਵੰਤ ਵਰਮਾ ਦੀ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ਤੋਂ 15 ਮਾਰਚ 2025 ਨੂੰ 500 ਰੁਪਏ ਦੇ ਸੜੇ ਅਤੇ ਅੱਧ-ਸੜੇ ਨੋਟ ਮਿਲੇ ਸਨ। ਇਸ ਦੀ ਇੱਕ ਵੀਡੀਓ ਵੀ ਕਾਫੀ ਵਾਇਰਲ ਹੋਈ ਸੀ। ਇਸ ਤੋਂ ਬਾਅਦ ਜਸਟਿਸ ਵਰਮਾ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ। ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਇਸ ਨੂੰ ਇੱਕ ਸਾਜ਼ਿਸ਼ ਦੱਸਿਆ ਸੀ। ਹਾਲਾਂਕਿ, ਇਸ ਮਾਮਲੇ ਨੇ ਦੇਖਦੇ ਹੀ ਦੇਖਦੇ ਤੂਲ ਫੜ ਲਿਆ ਅਤੇ ਇਹ ਵਿਵਾਦ ਸੰਸਦ ਤੱਕ ਪਹੁੰਚ ਗਿਆ ਸੀ। ਉਨ੍ਹਾਂ ਦੀ ਰਿਹਾਇਸ਼ ‘ਤੇ ਕਥਿਤ ਤੌਰ ‘ਤੇ ਨਕਦੀ ਮਿਲਣ ਦੇ ਵਿਵਾਦ ਤੋਂ ਬਾਅਦ, ਉਨ੍ਹਾਂ ਦਾ ਦਿੱਲੀ ਹਾਈ ਕੋਰਟ ਤੋਂ ਵਾਪਸ ਇਲਾਹਾਬਾਦ ਤਬਾਦਲਾ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੇ 5 ਅਪ੍ਰੈਲ, 2025 ਨੂੰ ਸਹੁੰ ਚੁੱਕੀ ਸੀ, ਅਤੇ ਫਿਲਹਾਲ ਉਨ੍ਹਾਂ ਵਿਰੁੱਧ ਲੱਗੇ ਇਲਜ਼ਾਮਾਂ ਦੇ ਸਬੰਧ ਵਿੱਚ ਇੱਕ ਅੰਦਰੂਨੀ ਜਾਂਚ ਚੱਲ ਰਹੀ ਹੈ, ਜਿਸ ਕਾਰਨ ਸੰਸਦ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਵੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

