ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਮੰਡੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੰਗਨਾ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਇਹ ਬਿਆਨ ਵਿਵਾਦਿਤ ਹੋ ਸਕਦਾ ਹੈ ਪਰ ਤਿੰਨ ਖੇਤੀ ਕਾਨੂੰਨਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਨੂੰ ਖ਼ੁਦ ਇਨ੍ਹਾਂ ਦੀ ਮੰਗ ਕਰਨੀ ਚਾਹੀਦੀ ਹੈ। ਕੰਗਨਾ ਨੇ ਦਲੀਲ ਦਿੱਤੀ ਕਿ ਤਿੰਨੇ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ ਪਰ ਕੁਝ ਸੂਬਿਆਂ ’ਚ ਕਿਸਾਨਾਂ ਦੇ ਵਿਰੋਧ ਕਾਰਨ ਸਰਕਾਰ ਨੇ ਇਹ ਰੱਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਤਰੱਕੀ ਦਾ ਪਿਲਰ ਹਨ। ਮੈਂ ਇੱਕ ਕਿਸਾਨ ਪਰਿਵਾਰ ਨਾਲ ਸਬੰਧਿਤ ਹਾਂ। ਮੈਂ ਕਿਸਾਨਾਂ ਦਾ ਦਰਦ ਸਮਝਦੀ ਹਾਂ। ਕਿਸਾਨਾਂ ਨੂੰ ਮੇਰੇ ਖਿਲਾਫ ਭੜਕਾਇਆ ਗਿਆ। ਇੱਕ ਦਿਨ ਸੱਚ ਸਾਹਮਣੇ ਆ ਜਾਵੇਗਾ ਅਤੇ ਕਿਸਾਨ ਵੀ ਸਮਝ ਜਾਣਗੇ ਕਿ ਕੌਣ ਸਹੀ ਸੀ ਤੇ ਕੌਣ ਗਲਤ। ਦੇਸ਼ ਦੇ ਹਿੱਤ ਵਿੱਚ ਕੋਈ ਵੀ ਵੱਡੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਇਸ ਤੋ ਪਹਿਲਾਂ ਕੰਗਨਾ ਨੇ ਕਿਹਾ ਸੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋਣੀ ਚਾਹੀਦੀ ਹੈ। ਇਸ ਲਈ ਕਿਸਾਨਾਂ ਨੂੰ ਵੀ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ, ਕਿਉਂਕਿ ਉਹ ਦੇਸ਼ ਦੇ ਅੰਨਦਾਤਾ ਹਨ ਅਤੇ ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਓਧਰ ਕਾਂਗਰਸ ਨੇ ਕੰਗਨਾ ਦੇ ਬਿਆਨ ’ਤੇ ਤਿੱਖਾ ਪ੍ਰਤੀਕ੍ਰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਇਨ੍ਹਾਂ ਦੀ ਬਹਾਲੀ ਨਹੀਂ ਹੋਣ ਦੇਵੇਗੀ। ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ਼੍ਰੀਨੇਤ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ। ਅਸੀਂ ਇਨ੍ਹਾਂ ਨੂੰ ਕਦੇ ਬਹਾਲ ਨਹੀਂ ਹੋਣ ਦਿਆਂਗੇ।
ਕੰਗਨਾ ਨੇ ਕਿਹਾ ਕਿ ਉਨ੍ਹਾਂ ਨੇ ਫਿਲਮ ਇੰਡਸਟਰੀ ‘ਚ ਉਸ ਉਮਰ ‘ਚ ਸਕ੍ਰਿਪਟਾਂ ਲਿਖੀਆਂ ਹਨ, ਜਦੋਂ ਲੜਕੀਆਂ ਲਵ ਲੈਟਰ ਲਿਖਦੀਆਂ ਹਨ। ਉਨ੍ਹਾਂ ਨੂੰ ਆਪਣਾ ਬਚਪਨ ਸਹੀ ਢੰਗ ਨਾਲ ਜੀਣ ਲਈ ਨਹੀਂ ਮਿਲਿਆ, ਜਦੋਂਕਿ ਦੂਜੇ ਪਾਸੇ ਸੋਨੀਆ ਗਾਂਧੀ ਦੇ ਬੱਚਿਆਂ ਦਾ ਬਚਪਨ ਬੁਢਾਪੇ ਵਿਚ ਵੀ ਖਤਮ ਨਹੀਂ ਹੋ ਰਿਹਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।