ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲਾ 2021 ਦੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ, ਜਦੋਂ ਕੰਗਨਾ ਨੇ ਇੱਕ ਟਵੀਟ ਵਿੱਚ 87 ਸਾਲਾ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਈ ਇੱਕ ਔਰਤ ਦੱਸਿਆ ਸੀ।
ਇਸ ਟਵੀਟ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ। ਕੰਗਨਾ ਨੇ ਕਿਹਾ ਕਿ ਉਸਨੇ ਸਿਰਫ ਵਕੀਲ ਦੀ ਪੋਸਟ ਦੁਬਾਰਾ ਪੋਸਟ ਕੀਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਬਠਿੰਡਾ ਅਦਾਲਤ ਵਿੱਚ ਹੋਵੇਗੀ।
ਦੱਸ ਦੇਈਏ ਕਿ ਟਵੀਟ ਕਰਦੇ ਹੋਏ ਕੰਗਨਾ ਨੇ ਲਿਖਿਆ ਸੀ ਕਿ ਔਰਤਾਂ 100 ਰੁਪਏ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੁੰਦੀਆਂ ਹਨ। ਕੰਗਨਾ ਨੇ ਕਿਸਾਨ ਅੰਦੋਲਨ ਸੰਬੰਧੀ ਇੱਕ ਪੋਸਟ ‘ਤੇ ਟਿੱਪਣੀ ਕੀਤੀ ਸੀ। ਉਸ ਵਿੱਚ ਇੱਕ ਬੁੱਢੀ ਔਰਤ ਦੀ ਫੋਟੋ ਸੀ। ਅਦਾਕਾਰਾ ਨੇ ਲਿਖਿਆ, ‘ਹਾ ਹਾ ਹਾ, ਇਹ ਉਹੀ ਦਾਦੀ ਹੈ ਜਿਸਦੀ ਤਸਵੀਰ ਟਾਈਮ ਮੈਗਜ਼ੀਨ ਵਿੱਚ ਛਪੀ ਸੀ।’