ਬੈਂਗਲੁਰੂ : ਕਰਨਾਟਕ ਦੀ ਰਾਜਧਾਨੀ ਦੇ ਕੁੱਝ ਇਲਾਕਿਆਂ ਵਿਚ ਮੰਗਲਵਾਰ ਦੇਰ ਰਾਤ ਸੰਪਰਦਾਇਕ ਹਿੰਸਾ ਭੜਕ ਗਈ। ਇਸ ਦੌਰਾਨ ਪੁਲਿਸ ਫਾਇਰਿੰਗ ਵਿਚ 3 ਲੋਕਾਂ ਦੀ ਮੌਤ ਹੋ ਗਈ ਤੇ 60 ਵੱਧ ਲੋਕ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਰਾਤ ਉਤਰੀ ਬੈਂਗਲੁਰੂ ਤੋਂ ਇਕ ਕਾਂਗਰਸ ਵਿਧਾਇਕ ਦੇ ਰਿਸ਼ਤੇਦਾਰ ਨੇ ਪੈਗੰਬਰ ਮੁਹੰਮਦ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਇਹ ਹਿੰਸਾ ਭੜਕ ਗਈ।
ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੇ ਮਕਾਨ ‘ਤੇ ਪੱਥਰ ਸੁੱਟੇ ਅਤੇ ਆਲੇ-ਦੁਆਲੇ ਖੜ੍ਹੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਅਥਰੂ ਗੈਸ ਦੇ ਗੋਲੇ ਦਾਗੇ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਅੰਦਰ ਦਾਖਲ ਹੋ ਕੇ ਹਮਲਾ ਕਰ ਦਿੱਤਾ। ਪੁਲਿਸ ਨੇ ਵਿਧਾਇਕ ਦੇ ਰਿਸ਼ਤੇਦਾਰ ਨੂੰ ਇਤਰਾਜ਼ਯੋਗ ਟਿੱਪਣੀ ਲਈ ਗ੍ਰਿਫਤਾਰ ਕਰ ਲਿਆ ਹੈ ਅਤੇ ਉਥੇ ਹੀ ਹੁਣ ਤੱਕ 110 ਲੋਕਾਂ ਨੂੰ ਸਮਾਜ ਦੀ ਸ਼ਾਂਤੀ ਅਤੇ ਮਾਹੌਲ ਖਰਾਬ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਸਾਰੀ ਘਟਨਾ ਸ਼ਹਿਰ ਦੇ ਡੀਜੇ ਹੱਲੀ ਅਤੇ ਕੇਜੀ ਹੱਲੀ ਖੇਤਰ ਦੀ ਹੈ। ਫਿਲਹਾਲ ਪੂਰੇ ਇਲਾਕੇ ‘ਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਬੈਂਗਲੁਰੂ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੱਥੇ ਦੱਸ ਦਈਏ ਕਿ ਇਸ ਘਟਨਾ ‘ਚ 50 ਤੋਂ ਵੱਧ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ।