-ਅਵਤਾਰ ਸਿੰਘ
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵੱਲੋਂ 9 ਨਵੰਬਰ ਨੂੰ ਲਾਂਘਾ ਤਾਂ ਭਾਵੇਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ, ਪਰ ਸ਼ਰਧਾਲੂਆਂ ਦੀ ਗਿਣਤੀ ਘਟ ਗਈ ਹੈ। ਇਸ ਦਾ ਵੱਡਾ ਕਾਰਨ ਗੁਰਦੁਆਰਾ ਕਰਤਾਰਪੁਰ ਜਾਣ ਲਈ ਤਿਆਰ ਕੀਤੀ ਗਈ ਗੁੰਝਲਦਾਰ ਪ੍ਰਕਿਰਿਆ ਹੈ। ਇਸ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਦੋਵੇਂ ਧਿਰਾਂ ਇਕ ਦੂਜੇ ਉਪਰ ਜਿੰਮੇਵਾਰੀ ਸੁੱਟ ਰਹੀਆਂ ਹਨ। ਪੰਜਾਬ ਸਰਕਾਰ ਸ਼ਰਧਾਲੂਆਂ ਦੀ ਫੀਸ ਦਾ ਮਾਮਲਾ ਸ਼੍ਰੋਮਣੀ ਕਮੇਟੀ ਉਪਰ ਅਤੇ ਸ਼੍ਰੋਮਣੀ ਕਮੇਟੀ ਸਰਕਾਰ ਉਪਰ ਸੁੱਟ ਰਹੀ ਹੈ। ਸ਼ਰਧਾਲੂਆਂ ਨੂੰ ਬੇਹੱਦ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।
ਸ਼ਰਧਾਲੂਆਂ ਨੂੰ ਫਾਰਮ ਭਰਨ ਵਿੱਚ ਮੁਸ਼ਕਿਲ ਪੇਸ਼ ਆ ਰਹੀ ਹੈ। ਵਿਭਾਗ ਵੱਲੋਂ ਭੇਜੀ ਗਈ ਜਾਣਕਾਰੀ ਪ੍ਰਾਪਤ ਕਰਨੀ ਵੀ ਔਖੀ ਹੋ ਗਈ ਹੈ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹਰ ਰੋਜ਼ ਕਰੀਬ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਭੇਜਣ ਦਾ ਸਮਝੌਤਾ ਹੋਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧ ਵਿੱਚ ਸ਼ਰਧਾਲੂਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਗੁਰਦੁਆਰਿਆਂ ਵਿੱਚ ਹੈਲਪ ਕਾਊਂਟਰ ਤਾਂ ਖੋਲ੍ਹ ਰਹੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਮਨਜੂਰੀ ਲੈਣ ਲਈ ਫਾਰਮ ਭਰਨ ਵਿੱਚ ਸਹਾਇਤਾ ਮਿਲ ਸਕੇ। ਪਰ ਸ਼ਰਧਾਲੂਆਂ ਦੀ ਫੀਸ ਭਰਨ ਦੀ ਜਿੰਮੇਵਾਰੀ ਕੋਈ ਨਹੀਂ ਲੈ ਰਿਹਾ। ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਕਰ ਕੇ ਪਰਤ ਰਹੀ ਸੰਗਤ ਨੇ ਇਹ ਵੀ ਦੱਸਿਆ ਹੈ ਕਿ ਉੱਥੇ ਲੰਗਰ ਦੀ ਸਮੱਸਿਆ ਵੀ ਆ ਰਹੀ ਹੈ।
ਰਿਪੋਰਟਾਂ ਅਨੁਸਾਰ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਗੁਰਦੁਆਰਾ ਕਰਤਾਰਪੁਰ ਵਿਖੇ ਕੀਰਤਨੀ ਜਥਾ ਭੇਜਣ ਦੀ ਤਜਵੀਜ਼ ਵੀ ਤਿਆਰ ਕੀਤੀ ਜਾ ਰਹੀ ਹੈ। ਜੇਕਰ ਇਸ ਸਬੰਧੀ ਮਨਜ਼ੂਰੀ ਮਿਲਦੀ ਹੈ ਤਾਂ ਰਾਗੀ ਜਥੇ ਦਿਨ ਭਰ ਗੁਰਦੁਆਰਾ ਕਰਤਾਰਪੁਰ ਕੀਰਤਨ ਕਰਨ ਮਗਰੋਂ ਸ਼ਾਮ ਨੂੰ ਆਮ ਸੰਗਤ ਨਾਲ ਹੀ ਪਰਤ ਆਉਣਗੇ।
ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫ਼ੀਸ ਆਪਣੇ ਖ਼ਜ਼ਾਨੇ ਵਿੱਚੋਂ ਭਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਦੋਵਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ। ਪਾਸਪੋਰਟ ਦੀ ਬਜਾਏ ਸ਼ਨਾਖ਼ਤ ਦੇ ਸਬੂਤ ਵਜੋਂ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਦਸਤਾਵੇਜ਼ ਨੂੰ ਪ੍ਰਵਾਨ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਇਸ ਕਰਕੇ ਹੈ ਕਿ ਬਹੁਤੇ ਲੋਕਾਂ ਕੋਲ ਪਾਸਪੋਰਟ ਨਹੀਂ ਅਤੇ ਗਰੀਬ ਸ਼ਰਧਾਲੂ 20 ਡਾਲਰ ਦੀ ਫ਼ੀਸ ਨਹੀਂ ਖਰਚ ਸਕਦੇ ਹਨ।
ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵਿੱਚ ਹਨ ਪਰ ਦਿੱਕਤਾਂ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਮਰਾਨ ਖਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਬਾਰੇ ਕੀਤੇ ਸਹੀਬੰਦ ਸਮਝੌਤੇ ਵਿੱਚ ਸੋਧ ਕਰ ਕੇ ਸਮੱਸਿਆ ਦਾ ਹੱਲ ਕੀਤਾ ਜਾਵੇ।