ਅੰਮ੍ਰਿਤਸਰ- ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਸਕੂਲ ਆਫ ਐਮੀਨੈਂਸ ਨੂੰ ਗ਼ਰੀਬ ਅਤੇ ਪਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਲਈ ਵਿੱਦਿਆ ਹਾਸਲ ਕਰਨ ਦਾ ਇੱਕ ਸੁਨਹਿਰੀ ਮਾਰਗ ਦੱਸਿਆ। ਇਹ ਸਕੂਲ ਖ਼ਾਸ ਤੌਰ ਤੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਖੋਲ੍ਹੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਗ਼ਰੀਬ ਬੱਚਿਆਂ ਨੂੰ ਨਿੱਜੀ ਸਕੂਲਾਂ ਦੇ ਮੁਕਾਬਲੇ ਵਧੀਆ ਸਿੱਖਿਆ ਪ੍ਰਾਪਤ ਹੋ ਸਕੇ। ਦੋਵੇਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਤੋਂ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਦੂਰ-ਦੁਰਾਡੇ ਤੋਂ ਲਿਆਉਣ ਲਈ ਟਰਾਂਸਪੋਰਟ ਸਹੂਲਤ ਦੀ ਵੀ ਸ਼ੁਰੂਆਤ ਕੀਤੀ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ‘ਇਕ ਦੇਸ਼-ਇਕ ਸਿੱਖਿਆ’ ਦਾ ਨਾਅਰਾ ਦਿੱਤਾ ਹੈ, ਜਿਸ ਤਹਿਤ ਸਿੱਖਿਆ ਦੇ ਖੇਤਰ ਵਿੱਚ ਕਿਸੇ ਨਾਲ ਕੋਈ ਵਿਤਕਰਾ ਨਹੀਂ ਹੋਵੇਗਾ। ‘ਇਸ ਨਾਅਰੇ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਵੀ ਸਾਕਾਰ ਕੀਤਾ ਜਾ ਰਿਹਾ ਹੈ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਜਲਦੀ ਹੀ ਦਾਖਲਿਆਂ ਦਾ ਗਿਣਤੀ ਵਿੱਚ ਵਾਧਾ ਹੋਵੇਗਾ।’ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਵਾਸਤੇ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਇਸ ਮੌਕੇ ਦੋਵੇਂ ਮੁੱਖ ਮੰਤਰੀਆਂ ਨੇ ਜਮਾਤਾਂ ਦਾ ਦੌਰਾ ਕਰ ਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਛੇਹਰਟਾ ਵਿਖੇ ਸਕੂਲ ਦੀ ਇਮਾਰਤ ਨੂੰ ਨਵੀਂ ਦਿਖ ਦਿੱਤੀ ਗਈ ਹੈ। ਖੇਡ ਦੇ ਮੈਦਾਨਾਂ ਦੇ ਨਾਲ-ਨਾਲ ਨਵੀਆਂ ਲੈਬਾਂ ਤਿਆਰ ਕੀਤੀਆਂ ਗਈਆਂ ਹਨ। ਜ਼ਿਲ੍ਹੇ ਵਿਚ ਛੇਹਰਟਾ ਸਕੂਲ ਸਮੇਤ 4 ਸਕੂਲ ਆਫ ਐਮੀਨੈਂਸ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਮਾਲ ਰੋਡ ਤੇ ਟਾਊਨ ਹਾਲ ਸਕੂਲ ਸ਼ਹਿਰ ਵਿਚ ਅਤੇ ਇਕ ਸਕੂਲ ਜੰਡਿਆਲਾ ਵਿਖੇ ਹੈ। ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਨੇ ਮੁੱਖ ਮੰਤਰੀਆਂ ਨੂੰ ਦੱਸਿਆ ਕਿ ਉਹ ਪਹਿਲਾਂ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ ਅਤੇ ਉੱਥੇ ਇਸ ਸਕੂਲ ਵਰਗੀਆਂ ਸਹੂਲਤਾਂ ਮੌਜੂਦ ਨਹੀਂ ਸਨ। ਉਸ ਨੇ ਇਸ ਸਕੂਲ ਦੀ ਸਥਾਪਨਾ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੁਝ ਅਧਿਆਪਕ ਅਜਿਹੇ ਵੀ ਮਿਲੇ, ਜਿਨ੍ਹਾਂ ਕਿਹਾ ਕਿ ਜੇਕਰ ਅਜਿਹਾ ਸਕੂਲ ਪਹਿਲਾਂ ਖੁੱਲ੍ਹਿਆ ਹੁੰਦਾ ਤਾਂ ਉਹ ਆਪਣੇ ਬੱਚੇ ਇਸੇ ਸਕੂਲ ’ਚ ਪੜ੍ਹਾਉਂਦੇ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਸਿੱਖਿਆ ਦੀ ਨੁਹਾਰ ਬਦਲਣ ਲਈ 1600 ਕਰੋੜ ਰੁਪਏ ਖ਼ਰਚ ਕਰ ਚੁੱਕੀ ਹੈ ਅਤੇ ਉਹ ਅੱਗੇ ਵੀ ਇਸੇ ਤਰ੍ਹਾਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹਿਣਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.