ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਵਿੱਚ ਭਾਈਵਾਲੀ ਲਈ ਭਾਜਪਾ ਨਾਲ ਗੱਲਬਾਤ ਚੱਲ ਰਹੀ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਅਜੇ ਕਿਸੇ ਵੀ ਗੱਠਜੋੜ ਦਾ ਐਲਾਨ ਨਹੀਂ ਕੀਤਾ, ਕਿਉਂਕਿ ਕਿਸਾਨਾਂ ਦੀਆਂ ਕੁਝ ਮੰਗਾਂ ਰਹਿੰਦੀਆਂ ਹਨ ਉਨ੍ਹਾਂ ਦਾ ਵੀ ਹੱਲ੍ਹ ਨਿਕਲਣਾ ਬਾਕੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਹੋਈ ਬੇਅਦਬੀ ਦੇ ਮਾਮਲੇ ਦੀ ਢੀਂਡਸਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਸੰਗਰੂਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਮੀਡੀਆ ਦੇ ਨਾਲ ਰੂ-ਬ-ਰੂ ਹੋਏ। ਇਸ ਦੇ ਨਾਲ ਹੀ ਢੀਂਡਸਾ ਨੇ ਬੀਤੇ ਦਿਨੀਂ ਅੰਮ੍ਰਿਤਸਰ ਵਿੱਖੇ ਬੇਅਦਬੀ ਮਾਮਲੇ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਇਹ ਸਭ ਕੁੱਝ ਵੱਡੀ ਸਾਜ਼ਿਸ ਤਹਿਤ ਕੀਤਾ ਗਿਆ ਹੈ ਅਤੇ ਬੇਅਦਬੀ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ ਢੀਂਡਸਾ ਨੇ ਕਿਹਾ ਜੇਕਰ ਭਗਵੰਤ ਮਾਨ ਮੁੱਖ ਮੰਤਰੀ ਬਣਦਾ ਹੈ ਤਾਂ ਅਸੀਂ ਸਵਾਗਤ ਕਰਾਂਗੇ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਐਲਾਨ ਦੀ ਦੌੜ ਵਿੱਚ ਹਰ ਪਾਰਟੀ ਇੱਕ -ਦੂਜੇ ਦੇ ਉੱਪਰ ਹੋ ਕੇ ਐਲਾਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਪਾਰਟੀ ਚੋਣ ਮੈਨੀਫੈਸਟੋ ਬਣਾਉਂਦੀ ਹੈ ਉਸ ਨੂੰ ਕਾਨੂੰਨ ਦੇ ਦਾਇਰੇ `ਚ ਲੈ ਕੇ ਆਉਣਾ ਚਾਹੀਦਾ ਹੈ।
ਭਾਜਪਾ ਨਾਲ ਗੱਠਜੋੜ ਬਾਰੇ ਬੋਲਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਜੇ ਗੱਠਜੋੜ ਨੂੰ ਲੈ ਕੇ ਗੱਲ ਚੱਲ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੀਆਂ ਰਹਿੰਦੀਆਂ ਕੁੱਝ ਮੰਗਾਂ ਬਾਰੇ ਵੀ ਆਪਣੇ ਵਿਚਾਰ ਰੱਖੇ।