ਨਵੀਂ ਦਿੱਲੀ : ਕੋਰੋਨਾ ਸੰਕਟ ਦੇ ਚੱਲਦਿਆਂ ਦਿੱਲੀ ‘ਤੇ ਆਰਥਿਕ ਸੰਕਟ ਦੇ ਬੱਦਲ ਛਾ ਗਏ ਹਨ। ਜਿਸ ਦੇ ਚੱਲਦਿਆਂ ਕੇਜਰੀਵਾਲ ਸਰਕਾਰ ਨੇ ਕੇਂਦਰ ਸਰਕਾਰ ਤੋਂ ਤੁਰੰਤ ਮਦਦ ਦੀ ਮੰਗ ਕੀਤੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਨੂੰ ਸਿਰਫ਼ ਤਨਖ਼ਾਹਾਂ ਦੇਣ ਅਤੇ ਦਫ਼ਤਰੀ ਖਰਚੇ ਉਠਾਉਣ ਲਈ 3,500 ਕਰੋੜ ਰੁਪਏ ਦੀ ਹਰ ਮਹੀਨੇ ਜ਼ਰੂਰਤ ਹੁੰਦੀ ਹੈ। ਜਦਕਿ ਪਿਛਲੇ ਦੋ ਮਹੀਨਿਆਂ ਦੌਰਾਨ 500-500 ਕਰੋੜ ਰੁਪਏ ਟੈਕਸਾਂ ਤੋਂ ਇਕੱਤਰ ਕੀਤੇ ਗਏ ਹਨ ਜਦਕਿ ਦਿੱਲੀ ਸਰਕਾਰ ਨੂੰ ਬਾਕੀ ਅਤੇ ਹੋਰ ਸਰੋਤਾਂ ਤੋਂ ਕੁੱਲ 1,735 ਕਰੋੜ ਰੁਪਏ ਆਏ ਹਨ। ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਸਮੇਂ ਦਿੱਲੀ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸੰਕਟ ਇਹ ਹੈ ਕਿ ਆਪਣੇ ਕਰਮਚਾਰੀਆਂ ਨੂੰ ਤਨਖ਼ਾਹ ਕਿਵੇਂ ਦਿੱਤੀ ਜਾਵੇ।
केंद्र सरकार से निवेदन है कि आपदा की इस घड़ी में दिल्ली के लोगों की मदद करे। https://t.co/Z82D7UEZDo
— Arvind Kejriwal (@ArvindKejriwal) May 31, 2020
ਉਪ ਮੁੱਖ ਮੰਤਰੀ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਤੁਰੰਤ ਰਾਹਤ ਦੇ ਤੌਰ ‘ਤੇ 5,000 ਕਰੋੜ ਰੁਪਏ ਦੀ ਮੰਗ ਕੀਤੀ ਹੈ ਜਿਸ ਦੇ ਲਈ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਚਿੱਠੀ ਲਿਖੀ ਹੈ। ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਦਿੱਲੀ ਨੂੰ ਆਪਦਾ ਰਾਹਤ ਫੰਡ ਵਿਚੋਂ ਕੋਈ ਵੀ ਆਰਥਿਕ ਮਦਦ ਨਹੀ ਮਿਲੀ ਹੈ, ਜਦੋਂ ਕਿ ਦੂਜੇ ਰਾਜਾਂ ਨੂੰ ਇਸ ਫੰਡ ‘ਚੋਂ ਆਰਥਿਕ ਮਦਦ ਮਿਲੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਤੁਰੰਤ ਦਿੱਲੀ ਨੂੰ ਪੰਜ ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਏ। ਤਾਂ ਜੋ ਦਿੱਲੀ ਸਰਕਾਰ ਕੋਰੋਨਾ ਸੰਕਟ ਦੇ ਸਮੇੇਂ ਕੰਮ ਕਰ ਰਹੇ ਅਧਿਆਪਕਾਂ, ਡਾਕਟਰਾਂ, ਸੁਰੱਖਿਆ ਕਰਮਚਾਰੀਆਂ ਅਤੇ ਹੋਰਾਂ ਨੂੰ ਤਨਖਾਹਾਂ ਦੇ ਸਕੇ।
ਦਿੱਲੀ ‘ਚ ਕੋਰੋਨਾ ਦੇ ਸੰਕਰਮਿਤ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦਿੱਲੀ ‘ਚ ਹੁਣ ਤੱਕ ਕੋਰੋਨਾ ਦੇ 17 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 398 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।