ਕੇਜਰੀਵਾਲ ਦਾ ਤਿੰਨ ਰੋਜ਼ਾ ਪੰਜਾਬ ਦੌਰਾ ਅੱਜ ਤੋਂ ਸ਼ੁਰੂ, ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ

Global Team
3 Min Read

ਨਿਊਜ਼ ਡੈਸਕ: ਇਸ ਸਮੇਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਉੱਤੇ ਬਿਰਾਜਮਾਨ ਹੈ। ਇਹ ਦੇਖਿਆ ਜਾਂਦਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਸੀ ਵਿਚਾਰ-ਵਟਾਂਦਰੇ ਲਈ ਮੁਲਾਕਾਤਾਂ ਕਰਦੇ ਰਹਿੰਦੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਤਿੰਨ ਰੋਜ਼ਾ ਦੌਰੇ ਉੱਤੇ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ਵਿੱਚ 13 ਤੋਂ 15 ਸਤੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਭਗਵੰਤ ਮਾਨ ਨਾਲ ਮਿਲ ਕੇ ਅੰਮ੍ਰਿਤਸਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

ਉਹ ਦੋਵੇਂ ਮਿਲ ਕੇ ਅੱਜ ਅੰਮ੍ਰਿਤਸਰ ਵਿੱਚ ਬਣੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ 14 ਸਤੰਬਰ ਨੂੰ ਅੰਮ੍ਰਿਤਸਰ ਤੇ ਜਲੰਧਰ ਦੇ ਵਪਾਰੀਆਂ ਅਤੇ 15 ਸਤੰਬਰ ਨੂੰ ਲੁਧਿਆਣਾ ਤੇ ਮੋਹਾਲੀ ਦੇ ਵਪਾਰੀਆਂ ਨਾਲ ਟਾਊਨ ਹਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਜਾਣਕਾਰੀ ਅਨੁਸਾਰ ਆਪ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਾਰੇ 117 ਵਿਧਾਨ ਸਭ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਵਿੱਚ ਅੱਜ ਪਹਿਲੀ ਕਾਮਯਾਬੀ ਹਾਸਲ ਹੋ ਜਾਵੇਗੀ ਜਦੋਂ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਦਾ ਉਦਘਾਟਨ ਹੋ ਗਿਆ।

ਸੂਬਾ ਸਰਕਾਰ ਨੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਕੇ ਇਸ ਨੂੰ ਹੋਰ ਉੱਚਾ ਚੁੱਕਣ ਉੱਤੇ ਜ਼ੋਰ ਦਿੱਤਾ ਹੈ ਅਤੇ ਸਕੂਲਾਂ ਦਾ ਨਵੀਨੀਕਰਨ ਕਰਨ ਦਾ ਦਾਅਵਾ ਵੀ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਸਕੂਲ ਦੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਸਕੂਲਾਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾ ਸਕਣ ਦੇ ਯੋਗ ਬਣ ਸਕਣ।

- Advertisement -

ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਗਾਮੀ ਚੋਣਾਂ ਸਬੰਧੀ ਪਾਰਟੀ ਵਰਕਰਾਂ ਨਾਲ ਵੀ ਮੀਟਿੰਗ ਕੀਤਾ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ ਸਮੇਤ ਹੋਰ ਮੁੱਦਿਆਂ ਉੱਤੇ ਵੀ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਅਧਿਆਪਕਾਂ ਦੀਆਂ ਡਿਊਟੀਆਂ ਲਾਉਣ ਦਾ ਵਿਰੋਧ

ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ਅੰਮ੍ਰਿਤਸਰ ਵਿੱਚ ਸਕੂਲ ਆਫ ਐਮੀਨੈਂਸ ਦੇ ਉਦਘਾਟਨੀ ਸਮਾਰੋਹ ਲਈ ਭੇਜੀਆਂ ਜਾਣ ਵਾਲੀਆਂ ਬੱਸਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਇੰਚਾਰਜ ਵਜੋਂ ਲਗਾਉਣ ਦਾ ਵਿਰੋਧ ਕੀਤਾ ਹੈ ਅਤੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਉਦਘਾਟਨੀ ਸਮਾਰੋਹ ਵਿੱਚ ਅੰਮ੍ਰਿਤਸਰ ਵਿੱਚ ਇਕੱਠ ਦਿਖਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਅਧਿਆਪਕਾਂ ਨੂੰ ਕਈ ਪ੍ਰਕਾਰ ਦੀਆਂ ਪ੍ਰਬੰਧਕੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਅਧਿਆਪਕਾਂ ਦਾ ਕੰਮ ਬੱਚਿਆਂ ਨੂੰ ਪੜ੍ਹਾਉਣਾ ਹੈ ਨਾ ਕਿ ਸਮਾਗਮਾਂ ਵਿੱਚ ਪ੍ਰਬੰਧਕੀ ਡਿਊਟੀਆਂ ਸੰਭਾਲਣਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment