Breaking News

ਕੇਰਲਾ ਅਪਣਾਏਗਾ ਪੰਜਾਬ ਮਾਡਲ: ਕੇਰਲ ਦੇ 21 ਮੈਂਬਰੀ ਵਫ਼ਦ ਵੱਲੋਂ ਪੰਜਾਬ ਦਾ ਦੌਰਾ

ਚੰਡੀਗੜ੍ਹ: ਕੇਰਲਾ ਦੀ ਪਸ਼ੂ ਪਾਲਣ ਮੰਤਰੀ ਜੇ. ਚਿਨਚੁਰਾਨੀ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪਸ਼ੂਆਂ ਦੇ ਚਾਰਾ ਪ੍ਰਬੰਧਨ ਲਈ ‘ਪੰਜਾਬ ਮਾਡਲ’ ਅਪਣਾਉਣ ਵਿੱਚ ਦਿਲਚਸਪੀ ਦਿਖਾਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਰਲਾ ਨੂੰ ਪਸ਼ੂਆਂ ਦੇ ਚਾਰੇ ਵਾਸਤੇ ਪਰਾਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ ਜਿਸ ਨਾਲ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਸਣੇ ਵੱਡੀ ਮਾਤਰਾ ਵਿੱਚ ਬਣਦੀ ਪਰਾਲੀ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।

ਪੰਜਾਬ ਦੀ ਤਰਜ਼ ‘ਤੇ ਪਸ਼ੂ-ਧੰਨ ਲਈ ਖ਼ੁਰਾਕ, ਬੁਨਿਆਦੀ ਢਾਂਚਾ ਅਤੇ ਢੁਕਵਾਂ ਮਾਹੌਲ ਸਿਰਜਣ ਹਿੱਤ ਕਾਨੂੰਨ ਬਣਾਉਣ ਵਾਸਤੇ ਕੇਰਲਾ ਸਰਕਾਰ ਦੇ 21 ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੀ ਪਸ਼ੂ ਪਾਲਣ ਮੰਤਰੀ ਸ੍ਰੀਮਤੀ ਜੇ. ਚਿਨਚੁਰਾਨੀ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੱਤਰ ਸੌਂਪਿਆ। ਇਸ ਉਦਮ ਨੂੰ ਕੈਬਨਿਟ ਮੰਤਰੀ ਨੇ ਦੋਹਾਂ ਸੂਬਿਆਂ ਲਈ ਮੁਨਾਫ਼ੇ ਵਾਲਾ ਦੱਸਦਿਆਂ ਕਿਹਾ ਕਿ ਮਾਨ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਇਸ ਪ੍ਰਸਤਾਵਤ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।

ਆਪਣੇ ਦੋ ਦਿਨਾ ਪੰਜਾਬ ਦੌਰੇ ਲਈ ਅੱਜ ਚੰਡੀਗੜ੍ਹ ਪੁੱਜੇ ਕੇਰਲਾ ਸਰਕਾਰ ਦੇ ਵਫ਼ਦ ਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਿੱਘਾ ਸਵਾਗਤ ਕੀਤਾ।

ਇਸ ਪਿੱਛੋਂ ਮੀਟਿੰਗ ਦੌਰਾਨ ਸ੍ਰੀਮਤੀ ਚਿਨਚੁਰਾਨੀ ਨੇ ਕਿਹਾ ਕਿ ਕੇਰਲਾ ਵਿੱਚ ਲੋਕਾਂ ਲਈ ਡੇਅਰੀ ਫ਼ਾਰਮਿੰਗ ਰੋਜ਼ੀ-ਰੋਟੀ ਦਾ ਅਹਿਮ ਕਿੱਤਾ ਹੈ ਅਤੇ ਲੱਖਾਂ ਕਿਸਾਨਾਂ ਲਈ ਡੇਅਰੀ ਕਿੱਤਾ ਆਮਦਨ ਦਾ ਮੁੱਖ ਸਾਧਨ ਹੈ। ਪੰਜਾਬ ਤੋਂ ਬਾਅਦ ਕੇਰਲਾ ਦੁੱਧ ਉਤਪਾਦਕਤਾ ਵਿੱਚ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਪਸ਼ੂ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਨਾਲ ਜੁੜੇ ਕਿਸਾਨਾਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਤੱਟੀ ਰਾਜ ਕੇਰਲਾ ਵਿੱਚ ਖੇਤੀਯੋਗ ਜ਼ਮੀਨ ਘੱਟ ਹੋਣ ਕਰਕੇ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਵੱਲੋਂ ਐਲਾਨੇ ਕਿਸਾਨ ਰੇਲ ਪ੍ਰਾਜੈਕਟ ਰਾਹੀਂ ਪਰਾਲੀ ਕੇਰਲਾ ਰਾਜ ਵਿੱਚ ਭੇਜੀ ਜਾਂਦੀ ਹੈ ਤਾਂ ਇਸ ਨਾਲ ਕੇਰਲਾ ਦੇ ਵੱਡੀ ਗਿਣਤੀ ਡੇਅਰੀ ਕਿਸਾਨਾਂ ਨੂੰ ਲਾਭ ਹੋਵੇਗਾ।

“ਕੇਰਲਾ ਪਸ਼ੂ ਧਨ ਅਤੇ ਪੋਲਟਰੀ ਫ਼ੀਡ ਤੇ ਮਿਨਰਲ ਮਿਕਸਚਰ (ਨਿਰਮਾਣ ਤੇ ਵਿਕਰੀ ਨਿਯਮ) ਬਿਲ, 2022” ਬਣਾਉਣ ਲਈ ਅਧਿਐਨ ਕਰਨ ਵਾਸਤੇ ਪੰਜਾਬ ਦੌਰੇ ‘ਤੇ ਪੁੱਜੀ ਕੇਰਲਾ ਵਿਧਾਨ ਸਭਾ ਦੀ ਸਲੈਕਟ ਕਮੇਟੀ ਨੂੰ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਪੰਜਾਬ ਵਿੱਚ ਪ੍ਰਤੀ ਵਿਅਕਤੀ ਦੁੱਧ ਤੇ ਅੰਡੇ ਦੀ ਉਪਲੱਬਧਤਾ ਦੇਸ਼ ਵਿੱਚ ਸਭ ਤੋਂ ਵੱਧ ਹੈ ਅਤੇ ਪਸ਼ੂ ਪਾਲਣ ਖੇਤਰ ਦਾ ਸੂਬੇ ਦੀ ਖੇਤੀਬਾੜੀ ਦੀ ਜੀ.ਡੀ.ਪੀ. ਵਿੱਚ ਵੱਡਾ ਯੋਗਦਾਨ ਹੈ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਸੂਬੇ ਵਿੱਚ ਪਸ਼ੂ ਰੋਗ ਅਤੇ ਵੈਕਸੀਨ ਸੰਸਥਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਵੇਲੇ ਲਗਭਗ 3000 ਪਸ਼ੂ ਸੰਸਥਾਵਾ ਹਨ, ਜੋ ਸੂਬੇ ਵਿੱਚ ਔਸਤਨ 2400 ਪਸ਼ੂ ਪ੍ਰਤੀ ਸੰਸਥਾ ਅਤੇ ਲਗਭਗ 4.5 ਕਿਲੋਮੀਟਰ ਦੇ ਘੇਰੇ ਨੂੰ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ।

Check Also

ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ 6 ਦਿਨ ਦੇ ਪੁਲਿਸ ਰਿਮਾਂਡ ‘ਤੇ

ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੀ ਪੁਲਿਸ ਵੱਲੋਂ ਬੁੱਧਵਾਰ ਦੇਰ ਰਾਤ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ …

Leave a Reply

Your email address will not be published. Required fields are marked *