ਖੱਟਰ ਸਰਕਾਰ ‘ਤੇ ਕਿਸਾਨ ਅੰਦੋਲਨ ਦਾ ਵਧਿਆ ਦਬਾਅ, ਸੂਬੇ ਦੇ ਹਾਲਾਤਾਂ ‘ਤੇ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ

TeamGlobalPunjab
2 Min Read

ਹਰਿਆਣਾ : ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੇ ਹਰਿਆਣਾ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ। ਕਿਸਾਨ ਅੰਦੋਲਨ ਨੇ ਸੂਬੇ ਦੀ ਮਨੋਹਰ ਲਾਲ ਖੱਟਰ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਪਾਰਟੀ ਦੇ ਸੀਨੀਅਰ ਲੀਡਰਾਂ ਸਮੇਤ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਨਗੇ। ਅਜਿਹੇ ਵਿਚ ਸਵਾਲ ਉੱਠ ਰਹੇ ਹਨ ਕਿ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕ ਦਬਾਅ ਵਿੱਚ ਹਨ? ਕਿਉਂਕਿ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਮਾਗਮ ਨੂੰ ਰੱਦ ਕਰਵਾ ਦਿੱਤਾ ਸੀ ਅਤੇ ਇਸ ਤੋਂ ਪਹਿਲਾਂ ਦੁਸ਼ਯੰਤ ਚੌਟਾਲਾ ਦੇ ਹੈਲੀਪੈਡ ਨੂੰ ਵੀ ਨੁਕਸਾਨ ਪਹੁੰਚਾਇਆ ਸੀ ਅਤੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਅਤੇ ਜੇਜੇਪੀ ਦੇ ਵਿਧਾਇਕਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਸੀ।

ਇਸ ਨੂੰ ਧਿਆਨ ‘ਚ ਰੱਖਦੇ ਹੋਏ ਦੁਸ਼ਯੰਤ ਚੌਟਾਲਾ ਅਮਿਤ ਸ਼ਾਹ ਨੂੰ ਮਿਲਣ ਤੋਂ ਪਹਿਲਾਂ ਆਪਣੇ ਫਾਰਮ ਹਾਊਸ ‘ਚ ਪਾਰਟੀ ਦੇ ਵਿਧਾਇਕਾਂ ਨਾਲ ਵੱਖ ਤੋਂ ਮੁਲਾਕਾਤ ਕਰਨਗੇ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਆਪਣੇ ਵਿਧਾਇਕਾਂ ਨੂੰ ਵਿਸ਼ਵਾਸ ਵਿੱਚ ਲੈਣ ਲਈ ਇਹ ਬੈਠਕ ਕੀਤੀ ਜਾ ਰਹੀ ਹੈ। ਦਰਅਸਲ ਸੋਮਵਾਰ ਨੂੰ ਇਨੈਲੋ ਦੇ ਮੁਖੀ ਅਭੈ ਚੌਟਾਲਾ ਨੇ ਚਿੱਠੀ ਲਿਖ ਕੇ ਖੱਟਰ ਸਰਕਾਰ ਦਾ ਵਿਰੋਧ ਜਤਾਉਂਦੇ ਹੋਏ ਕਿਹਾ ਸੀ ਕਿ ਜੇਕਰ 26 ਜਨਵਰੀ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਤਾਂ ਇਸ ਚਿੱਠੀ ਨੂੰ ਉਨ੍ਹਾਂ ਦਾ ਅਸਤੀਫ਼ਾ ਮੰਨਿਆ ਜਾਵੇ। ਅਭੈ ਚੌਟਾਲਾ ਦੀ ਇਸ ਕਾਰਵਾਈ ਤੋਂ ਬਾਅਦ ਵਿਧਾਇਕਾਂ ਵਿਚ ਲਗਾਤਾਰ ਦਬਾਅ ਬਣਦਾ ਦਿਖਾਈ ਦੇ ਰਹੇ ਹਨ।

Share this Article
Leave a comment