ਕਿਸਾਨਾਂ ‘ਤੇ ਖੱਟਰ ਦੀ ਬਿਆਨਬਾਜ਼ੀ ਨਿੰਦਣਯੋਗ: ਬੀਬੀ ਜਗੀਰ ਕੌਰ

TeamGlobalPunjab
2 Min Read

ਅੰਮ੍ਰਿਤਸਰ :ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਖੇ ਬੀਤੇ ਦਿਨੀਂ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵਫ਼ਦ ਲਖੀਮਪੁਰ ਖੀਰੀ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਬੀਜੇਪੀ ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਕਈ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜੋ ਅਤਿ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਇਕ ਵਫ਼ਦ ਉੱਤਰ ਪ੍ਰਦੇਸ਼ ਭੇਜਿਆ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਅਤੇ ਪੀੜ੍ਹਤ ਪਰਿਵਾਰਾਂ ਨੂੰ ਮਿਲੇਗਾ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਹਰਿਆਣੇ ਦਾ ਮੁੱਖ ਮੰਤਰੀ ਕਿਸਾਨਾਂ ਨਾਲ ਹਮਦਰਦੀ ਨਹੀਂ ਕਰ ਸਕਦਾ ਤਾਂ ਅਜਿਹੀ ਬਿਆਨਬਾਜ਼ੀ ਕਰਕੇ ਦੇਸ਼ ਦੀ ਅਮਨ ਸ਼ਾਂਤੀ ਨੂੰ ਲਾਬੂ ਲਗਾਉਣ ਦਾ ਕੰਮ ਵੀ ਨਾ ਕਰੇ। ਉਨ੍ਹਾਂ ਕਿਹਾ ਕਿ ਹਰਿਆਣੇ ਵਿਚ ਪਹਿਲਾਂ ਵੀ ਸਰਕਾਰੀ ਸ਼ਹਿ ’ਤੇ ਕਿਸਾਨਾਂ ਉੱਪਰ ਕਈ ਵਾਰ ਅੱਤਿਆਚਾਰ ਹੋ ਚੁੱਕਾ ਹੈ। ਅਜਿਹੇ ਵਿਚ ਮੁੱਖ ਮੰਤਰੀ ਦੀ ਅਜਿਹੀ ਬਿਆਨਬਾਜ਼ੀ ਮਾਹੌਲ ਨੂੰ ਹੋਰ ਖਰਾਬ ਕਰੇਗੀ।

ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਹੱਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ।

- Advertisement -

ਖੱਟਰ ਦੀ ਵਾਇਰਲ ਵੀਡੀਓ :

 

 

Share this Article
Leave a comment