ਸ੍ਰੀ ਮੁਕਤਸਰ ਸਾਹਿਬ: ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਹੱਕ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ `ਚ ਜਾ ਕੇ ਮੁਜਾਹਰਾ ਕਰਦੇ ਹੋਏ ਯੁੱਧ ਬੰਦ ਕਰਨ ਅਤੇ ਜੋ ਬੱਚੇ ਯੂਕਰੇਨ `ਚ ਫਸੇ ਹਨ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਮੰਗ ਕੀਤੀ ।
ਸ੍ਰੀ ਮੁਕਤਸਰ ਸਾਹਿਬ ਵਿਖੇ ਖੰਡਾ ਪਾਰਕ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਗਈ। ਇਸ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਲ ਹੋਏ। ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝੱਬੇਲਵਾਲੀ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਵਿੱਚ ਜੋ ਜੰਗ ਲੱਗੀ ਹੋਈ ਹੈ, ਉਸ ਵਿੱਚ ਬਹੁਤ ਸਾਰੇ ਬੇਦੋਸ਼ੇ ਲੋਕ ਮਾਰੇ ਜਾ ਰਹੇ ਹਨ, ਅਸੀਂ ਉਸ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਜੋ ਬੱਚੇ ਯੂਕਰੇਨ ਵਿੱਚ ਫਸੇ ਹੋਏ ਹਨ, ਉਨ੍ਹਾਂ ਦੇ ਮਾਪਿਆਂ ਨੂੰ ਨਾਲ ਲੈ ਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਦਰਸ਼ਨ ਕਰ ਰਹੇ ਹਾਂ।
ਇਸ ਮੌਕੇ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਾਡੇ ਸ੍ਰੀ ਮੁਕਤਸਰ ਸਾਹਿਬ ਦੇ ਲਗਭਗ 29 ਬੱਚੇ ਯੂਕਰੇਨ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਾਡੇ ਜੋ ਬੱਚੇ ਯੂਕਰੇਨ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਇੰਡੀਆ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਰੂਸ ਦੇਸ਼ ਨਾਲ ਬਹੁਤ ਚੰਗੇ ਸਬੰਧ ਹਨ ਅਤੇ ਉਨ੍ਹਾਂ ਸਬੰਧਾਂ ਦੀ ਵਰਤੋਂ ਕਰਕੇ ਉਹ ਸਾਡੇ ਬੱਚਿਆਂ ਨੂੰ ਵਾਪਸ ਭਾਰਤ ਲਿਆ ਸਕਦੇ ਹਨ।
ਯੂਕਰੇਨ ‘ਚ ਫਸੇ ਵਿਦਿਆਰਥੀਆ ਨੂੰ ਭਾਰਤ ਵਾਪਸ ਲਿਆਉਣ ਲਈ ਭਾਰਤ ਸਰਕਾਰ ਲਗਾਤਾਰ ਵਿਦਿਆਰਥੀਆਂ ਨੂੰ ਵਾਪਸ ਲਿਆ ਰਹੀ ਹੈ ਤੇ ਕਿਸਾਨਾਂ ਵੱਲੋਂ ਵੀ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਕਿ ਬੱਚਿਆਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ ਵੇਖਣਾ ਹੋਵੇਗਾ ਕਿ ਕਦੋਂ ਤੱਕ ਸਾਰੇ ਬੱਚੇ ਭਾਰਤ ਵਾਪਸ ਆਉਂਦੇ ਹਨ।