ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਪੰਜਾਬ ਸਰਕਾਰ ਦੀ ਅੱਜ ਅੰਮ੍ਰਿਤਸਰ ‘ਚ ਅਹਿਮ ਬੈਠਕ, ਲਿਆ ਜਾ ਸਕਦਾ ਵੱਡਾ ਫੈਸਲਾ

TeamGlobalPunjab
2 Min Read

ਅੰਮ੍ਰਿਤਸਰ: ਇੱਥੋਂ ਦੇ ਜੰਡਿਆਲਾ ਗੁਰੂ ਵਿਖੇ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਟਰੈਕ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਗੱਲਬਾਤ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਕੈਬਿਨਟ ਮੰਤਰੀਆਂ ਦੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਅੱਜ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਕਿਸਾਨਾਂ ਨਾਲ ਮੀਟਿੰਗ ਕਰੇਗੀ। ਇਸ ਸਬੰਧ ਵਿਚ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਇਕ ਪੱਤਰ ਜਾਰੀ ਕਰਕੇ ਕਿਸਾਨੀ ਸਮੱਸਿਆਵਾਂ ‘ਤੇ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਬਣਾਈ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਸੂਬਾ ਸਕੱਤਰ ਨੂੰ ਸ਼ਾਮ ਚਾਰ ਵਜੇ ਸਰਕਟ ਹਾਊਸ ਅੰਮ੍ਰਿਤਸਰ ਪੁੱਜਣ ਦੀ ਅਪੀਲ ਕੀਤੀ ਗਈ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਦੇ ਲਈ ਬੀਤੇ ਦਿਨ ਹਾਮੀ ਭਰੀ ਸੀ। ਜਿਸ ਤੋਂ ਬਾਅਦ ਅੱਜ ਮੀਟਿੰਗ ਦੁਪਹਿਰ ਬਾਅਦ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਸ਼ੁਰੂ ਹੋਵੇਗੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਰੇਲਵੇ ਟਰੈਕ ‘ਤੇ ਕਿਸਾਨ ਜਥੇਬੰਦੀ ਨਿੱਤਰੀ ਹੋਈ ਹੈ। ਇਨ੍ਹਾਂ ਤੋਂ ਇਲਾਵਾ ਪੂਰੇ ਪੰਜਾਬ ਵਿਚ ਕਿਸਾਨ ਸੜਕਾਂ ਤੇ ਤਾਇਨਾਤ ਹਨ।

ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਤਿੰਨ ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤਾ ਹੈ। ਜੋ ਮਾਝੇ ‘ਚ ਮੋਹਰੀ ਹੋ ਕੇ ਖੇਤੀ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੌਜੂਦਾ ਹਾਲਾਤਾਂ ਬਾਰੇ ਗੱਲਬਾਤ ਕਰਨਗੇ।

Share this Article
Leave a comment