ਪੰਜਾਬ ‘ਚ ਡੀ.ਏ.ਪੀ. ਖਾਦ ਦੀ ਘਾਟ ਲਈ ਮੋਦੀ ਅਤੇ ਚੰਨੀ ਸਰਕਾਰਾਂ ਜ਼ਿੰਮੇਵਾਰ : ਕੁਲਤਾਰ ਸਿੰਘ ਸੰਧਵਾਂ

TeamGlobalPunjab
4 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਡੀ.ਏ.ਪੀ. ਖਾਦ ਦੀ ਭਾਰੀ ਕਮੀ ਹੋਣ ਕਾਰਨ ਜਿੱਥੇ ਖਾਦ ਡੀਲਰਾਂ ਵੱਲੋਂ ਕਾਲ਼ਾਬਾਜਾਰੀ ਕੀਤੀ ਜਾ ਰਹੀ ਹੈ, ਉਥੇ ਹੀ ਕਣਕ ਦੀ ਬਿਜਾਈ ਪਿੱਛੜ ਰਹੀ ਹੈ। ਇਸ ਕਾਰਨ ਸੂਬੇ ਅਤੇ ਕਿਸਾਨਾਂ ਦੀ ਆਰਥਿਕਤਾ ‘ਤੇ ਬਹੁਤ ਹੀ ਮਾੜਾ ਅਸਰ ਪਵੇਗਾ।

ਉਨਾਂ ਡੀ.ਏ.ਪੀ ਖਾਦ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਸੋਚੀ ਸਮਝੀ ਕਿੱਲਤ ਨੂੰ ਕਿਸਾਨ ਅਤੇ ਪੰਜਾਬ ਵਿਰੁੱਧ ਗਹਿਰੀ ਸਾਜ਼ਿਸ਼ ਕਰਾਰ ਦਿੱਤਾ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀਆਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦੀ ਮਾੜੀ ਨੀਅਤ ਅਤੇ ਨੀਤੀ ਮੁੜ ਜੱਗ ਜਾਹਰ ਹੋਈ, ਕਿਉਂਕਿ ਪੰਜਾਬ ‘ਚ ਹਾੜੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ. ਖਾਦ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਜਿੱਥੇ ਕੇਂਦਰ ਸਰਕਾਰ ਨੇ ਸੋਚੀ ਸਮਝੀ ਸਾਜਿਸ਼ ਤਹਿਤ ਪੰਜਾਬ ਨੂੰ ਖਾਦ ਦੀ ਸਪਲਾਈ ‘ਚ ਦੇਰੀ ਕੀਤੀ ਹੈ, ਉਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਅਨੁਸਾਰ ਖਾਦ ਦਾ ਪ੍ਰਬੰਧ ਕਾਰਨ ਵਿੱਚ ਨਾਕਾਮ ਹੋਈ ਹੈ।’

ਉਨਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਹਾੜੀ ਦੀਆਂ ਫ਼ਸਲਾਂ ਕਣਕ, ਆਲੂ, ਪਸ਼ੂਆਂ ਦੇ ਚਾਰੇ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਨਾਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਬਹੁਤ ਹੀ ਅਹਿਮ ਲੋੜ ਹੁੰਦੀ ਹੈ, ਪਰ ਇੰਜ ਜਾਪਦਾ ਡੀ.ਏ.ਪੀ. ਖਾਦ ਦੀ ਸਮੇਂ ਸਿਰ ਲੋੜੀਂਦੀ ਸਪਲਾਈ ਨਾ ਦੇ ਕੇ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿੜ ਕੱਢ ਰਹੀ ਹੈ।

- Advertisement -

ਸੰਧਵਾਂ ਨੇ ਕਿਹਾ ਖੇਤੀ ਪ੍ਰਧਾਨ ਪੰਜਾਬ ਵਿੱਚ ਹਾੜੀ ਦੀ ਫ਼ਸਲ ਦੀ ਬਿਜਾਈ ਲਈ 5.5 ਲੱਖ ਟਨ ਡੀ.ਏ.ਪੀ ਦੀ ਲੋੜ ਹੈ। ਪ੍ਰੰਤੂ ਕੇਂਦਰ ਸਰਕਾਰ ਵੱਲੋਂ ਅਕਤੂਬਰ ‘ਚ 1.97 ਲੱਖ ਮੀਟ੍ਰਿਕ ਟਨ ਅਤੇ ਨਵੰਬਰ 2.56 ਲੱਖ ਮੀਟ੍ਰਿਕ ਟਨ ਖਾਦ ਜਾਰੀ ਕੀਤੀ ਗਈ ਹੈ, ਜੋ ਲੋੜ ਨਾਲੋਂ 1 ਲੱਖ ਮੀਟ੍ਰਿਕ ਟਨ ਘੱਟ ਹੈ। ਉਨਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਜਾਰੀ ਖਾਦ ਵੀ ਪੂਰੀ ਪ੍ਰਾਪਤੀ ਨਹੀਂ ਕਰ ਸਕੀ। ਸਰਕਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਕਰੀਬ 1.50 ਲੱਖ ਮੀਟ੍ਰਿਕ ਟਨ ਖਾਦ ਦੀ ਘਾਟ ਪਾਈ ਜਾ ਰਹੀ ਹੈ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖਾਦ ਦੀ ਸਪਲਾਈ ਦੇਣਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਵਿੱਚ ਕੇਂਦਰ ਸਰਕਾਰ ਫ਼ੇਲ ਸਾਬਤ ਹੋਈ ਹੈ। ਉਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਝੰਡਾ ਬੁਲੰਦ ਕਰਨ ਦੀ ਸਜ਼ਾ ਦਿੱਤੀ ਜਾ ਸਕੇ।

ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਸੀ ਲੜਾਈ ਦੇ ਚੱਲਦਿਆਂ ਲੋਕ ਮੁੱਦਿਆਂ ਅਤੇ ਕਿਸਾਨੀ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਲਗਾਤਾਰ ਨਿਕੰਮੀ ਸਾਬਤ ਹੋ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਡੀ.ਏ.ਪੀ. ਖਾਦ ਦਾ ਸਮੇਂ ਸਿਰ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ।

‘ਆਪ’ ਆਗੂ ਦਾ ਕਹਿਣਾ ਹੈ ਕਿ ਡੀ.ਏ.ਪੀ. ਦੀ ਪੂਰੀ ਸਪਲਾਈ ਨਾ ਮਿਲਣ ਅਤੇ ਪੰਜਾਬ ਸਰਕਾਰ ਢੁਕਵੇਂ ਪ੍ਰਬੰਧ ਕਰਨ ‘ਚ ਫ਼ੇਲ ਹੋਣ ਕਾਰਨ ਸੂਬੇ ਵਿੱਚ ਕਾਲ਼ਾਬਾਜ਼ਾਰੀ ਵੱਧ ਗਈ ਹੈ। ਇਸ ਕਾਰਨ ਕਿਸਾਨਾਂ ‘ਤੇ ਦਬਾਅ ਵੱਧ ਰਿਹਾ ਹੈ ਅਤੇ 2 ਤੋਂ 3 ਸੌ ਰੁਪਏ ਪ੍ਰਤੀ ਥੈਲਾ ਜ਼ਿਆਦਾ ਮੁੱਲ ਦੇਣ ਲਈ ਕਿਸਾਨ ਮਜ਼ਬੂਰ ਹੋ ਰਹੇ ਹਨ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਜਲਦ ਤੋਂ ਜਲਦ ਸੂਬੇ ਵਿੱਚ ਡੀ.ਏ.ਪੀ. ਖਾਦ ਦਾ ਪ੍ਰਬੰਧ ਕਰਨ, ਤਾਂ ਜੋ ਸੂਬੇ ਦੇ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰ ਸਕਣ।

- Advertisement -
Share this Article
Leave a comment