ਚੰਡੀਗੜ੍ਹ: “ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ, ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ”। ਇਹ ਸ਼ਬਦ ਪੰਜਾਬ ਕੈਡਰ ਦੇ ਆਈਪੀਐਸ ਅਫ਼ਸਰ ਕੁੰਵਰ ਵਿਜੈ ਪ੍ਰਤਾਪ ਵੱਲੋਂ ਆਪਣੀ ਸੋਸ਼ਲ ਮੀਡੀਆ ‘ਤੇ ਪਾਏ ਗਏ। ਇਸ ਪੋਸਟ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ ਆਪਣੇ ਚਹੇਤਿਆਂ ਨੂੰ ਅਪੀਲ ਵੀ ਕੀਤੀ ਹੈ ਕਿ ਉਨ੍ਹਾਂ ਦੇ ਅਸਤੀਫੇ ਦੇ ਮਾਮਲੇ ਦਾ ਰਾਜਨੀਤੀਕਰਨ ਨਾ ਕੀਤਾ ਜਾਵੇ। ਇੰਨਾ ਹੀ ਨਹੀਂ ਉਨ੍ਹਾਂ ਨੇ ਆਪਣੀ ਪੋਸਟ ‘ਚ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਮਾਜ ਸੇਵਾ ਤਾਂ ਕਰਨਗੇ ਪਰ ਇਕ ਆਈਪੀਐਸ ਅਧਿਕਾਰੀ ਦੇ ਤੌਰ ‘ਤੇ ਨਹੀਂ। ਕੁੰਵਰ ਵਿਜੈ ਪ੍ਰਤਾਪ ਨੇ ਆਪਣੀ ਪੋਸਟ ਰਾਹੀਂ ਇਹ ਵੀ ਸੰਦੇਸ਼ ਦਿੱਤਾ ਹੈ ਕਿ ਉਹ ਰਾਜਨੀਤੀ ਵਿਚ ਨਹੀਂ ਆਉਣਾ ਚਾਹੁੰਦੇ। ਕਿਉਂਕਿ ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਕੁੰਵਰ ਵਿਜੈ ਪ੍ਰਤਾਪ ਸਿਆਸਤ ਵਿੱਚ ਪੈਰ ਰੱਖ ਸਕਦੇ ਹਨ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਯਾਨੀ ਐਸਆਈਟੀ ਦੇ ਚੀਫ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਡੀਜੀਪੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫ਼ਾ ਸੌਂਪਿਆ ਸੀ। ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਆਪਣਾ ਅਗਲਾ ਸਫ਼ਰ ਵੀ ਸਾਂਝਾ ਕੀਤਾ ਹੈ।