NOC ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Global Team
2 Min Read

ਚੰਡੀਗੜ੍ਹ: ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ।

ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ‘ਤੇ ਰੋਕ ਲਗਾਉਣਾ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਦਾ ਸਮਝੌਤਾ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਇਤਰਾਜਹੀਣਤਾ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।

Share This Article
Leave a Comment