ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਨਾਲ ਸੰਬੰਧਿਤ ਕਿਸਾਨਾਂ ਉੱਤੇ ਧੱਕੇਸ਼ਾਹੀ ਨਾਲ ਥੋਪੇ ਗਏ ਤਿੰਨੋਂ ਕਾਲੇ ਕਾਨੂੰਨ ਵਾਪਸ ਲਏ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਾਇਰੇ ‘ਚ ਲਿਆ ਕੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਐਮਐਸਪੀ ‘ਤੇ ਖ਼ਰੀਦੇ ਜਾਣ ਦੀ ਗਰੰਟੀ ਦਿੱਤੀ ਜਾਵੇ।
ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਉੱਤੇ ਆਮ ਆਦਮੀ ਪਾਰਟੀ ਵੱਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ‘ਚ ਆਯੋਜਿਤ ਕੀਤੇ ਧਰਨੇ ਪ੍ਰਦਰਸ਼ਨ ਨੂੰ ਸੰਬੋਧਨ ਕਰ ਰਹੇ ਸਨ। ਇਸ ਸੰਕੇਤਕ ਪਰੰਤੂ ਪ੍ਰਭਾਵਸ਼ਾਲੀ ਰੋਸ ਧਰਨੇ ਦੌਰਾਨ ਤਿੰਨੋਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਅਤੇ ਦਿੱਲੀ ਦੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੇ ਮੋਦੀ-ਕੈਪਟਨ ਅਤੇ ਬਾਦਲਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸੰਸਦ ਭਵਨ ਵੱਲ ਕੂਚ ਕੀਤਾ ਤਾਂ ਬੈਰੀਕੇਡਜ਼ (ਨਾਕੇ) ‘ਤੇ ਭਾਰੀ ਗਿਣਤੀ ‘ਚ ਤੈਨਾਤ ਦਿੱਲੀ ਪੁਲਸ ਨੇ ਰੋਕ ਲਿਆ। ਤਕੜੀ ਖਿੱਚੋਤਾਣ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮ.ਐਲ.ਏ) ਸਮੇਤ ਹੋਰ ਪਾਰਟੀ ਆਗੂ ਅਤੇ ਵਲੰਟੀਅਰ ਬੈਰੀਕੇਡਜ਼ ‘ਤੇ ਚੜ ਗਏ। ਜਿਸ ਉਪਰੰਤ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਸਮੇਤ ਕਰੀਬ 200 ਆਗੂਆਂ ਅਤੇ ਵਲੰਟੀਅਰਾਂ ਨੂੰ ਦਿੱਲੀ ਪੁਲਸ ਨੇ ਨੇੜਲੇ ਮੰਦਰ ਮਾਰਗ ਥਾਣੇ ਵਿਚ ਲੈ ਗਈ। ਜਿੱਥੇ ਉਨ੍ਹਾਂ ਨੂੰ ਕਰੀਬ 2 ਘੰਟੇ ਹਿਰਾਸਤ ਵਿਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖੇਤੀ ਨੂੰ ਕਿਸਾਨਾਂ ਤੋਂ ਖੋਹ ਕੇ ਕਾਰਪੋਰੇਟ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਅਤੇ ਬਦਨੀਤੀ ਨਾਲ ਥੋਪੇ ਜਾ ਰਹੇ ਇਨ੍ਹਾਂ ਮਾਰੂ ਕਾਨੂੰਨਾਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ, ਇਸ ਲੜਾਈ ‘ਚ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਡਟ ਕੇ ਖੜੀ ਹੈ।
ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਜਦ ਦੇਸ ਅਨਾਜ ਦੀ ਕਮੀ ਨਾਲ ਜੂਝ ਰਿਹਾ ਸੀ ਤਾਂ ਉਸ ਸਮੇਂ ਕਾਰਪੋਰੇਟ ਕੰਪਨੀਆਂ ਨੇ ਨਹੀਂ ਸਗੋਂ ਪੰਜਾਬ ਦੇ ਕਿਸਾਨਾਂ ਨੇ ਹੱਡ ਭੰਨਵੀਂ ਮਿਹਨਤ ਕਰਕੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਕੀਤਾ ਸੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਅੱਜ ਇਨ੍ਹਾਂ ਬਿੱਲਾਂ ਦੇ ਵਿਰੋਧ ਕਰਨ ਦੇ ਨਾਟਕ ਕਰ ਰਹੇ ਹਨ, ਪਰੰਤੂ ਭਾਜਪਾ ਨੇ ਇਹ ਬਿਲ ਬਣਾਉਣ ਲਈ ਜੋ ਕਮੇਟੀ ਗਠਿਤ ਕੀਤੀ ਸੀ ਉਸ ‘ਚ ਕਾਂਗਰਸ ਦੇ ਨੇਤਾਵਾਂ (ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ) ਨੇ ਸਹਿਮਤੀ ਦਿੱਤੀ ਸੀ ਅਤੇ ਜਦ ਮੋਦੀ ਕੈਬਨਿਟ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਕੀਤਾ ਤਾਂ ਉਸ ਸਮੇਂ ਹਰਸਿਮਰਤ ਕੌਰ ਬਾਦਲ ਨੇ ਦਸਤਖ਼ਤ ਕਰਕੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਾਇਆ ਸੀ। ਹੁਣ ਵਿਰੋਧ ਦੀਆਂ ਨੋਟੰਕੀਆਂ ਕਰਕੇ ਇਹ ਕਿਸ ਨੂੰ ਬੇਵਕੂਫ਼ ਬਣਾ ਰਹੇ ਹਨ?
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਹੀ ਵਿਰੋਧੀ ਕਰਦੀ ਆ ਰਹੀ ਹੈ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਕਿਸੇ ਵੀ ਸੂਰਤ ‘ਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਹ ਸਿਰਫ਼ ਕਿਸਾਨ ਹੀ ਨਹੀਂ ਸਗੋਂ ਲੋਕ ਵਿਰੋਧੀ, ਪੰਜਾਬ ਵਿਰੋਧੀ ਅਤੇ ਦੇਸ਼ ਵਿਰੋਧੀ ਕਾਨੂੰਨ ਹਨ, ਜਿੰਨਾ ਨੂੰ ਤਾਨਾਸ਼ਾਹੀ ਤਰੀਕੇ ਨਾਲ ਥੋਪਿਆ ਜਾ ਰਿਹਾ ਹੈ। ਇਸ ਕਰਕੇ ਪਾਰਟੀ ਕਿਸਾਨੀ ਸੰਘਰਸ਼ ਨਾਲ ਚਟਾਨ ਵਾਂਗ ਖੜੀ ਹੈ। ‘ਅਸੀਂ ਬਾਦਲਾਂ ਜਾਂ ਕਾਂਗਰਸੀਆਂ ਵੱਲੋਂ ਬਰਾਬਰ ਪ੍ਰੋਗਰਾਮ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਦੇ ਸਖ਼ਤ ਵਿਰੁੱਧ ਹਾਂ। ਸੂਬਾ ਪ੍ਰਧਾਨ ਹੋਣ ਦੇ ਨਾਤੇ ਸਾਰੇ ‘ਆਪ’ ਵਿਧਾਇਕਾਂ, ਆਗੂਆਂ ਅਤੇ ਵਲੰਟੀਅਰਾਂ ਨੂੰ ਨਿਰਦੇਸ਼ ਹਨ ਕਿ ‘ਆਪ’ ਵੱਲੋਂ ਨਹੀਂ ਸਗੋਂ ਕਿਸਾਨਾਂ-ਮਜਦੂਰਾਂ-ਆੜਤੀਆਂ-ਟਰਾਂਸਪੋਰਟਰਾਂ ਦੇ ਪੁੱਤ ਧੀ ਜਾਂ ਭਾਈ-ਭਤੀਜੇ ਬਣ ਕੇ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰੋ।”
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਪੰਜਾਬ ਦਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਅੱਜ ਇਨ੍ਹਾਂ ਕਾਨੂੰਨਾਂ ਦੇ ਵਿਰੋਧ ‘ਚ ਜਿੰਨੇ ਮਰਜ਼ੀ ਡਰਾਮੇ ਕਰਦੇ ਰਹਿਣ ਪਰੰਤੂ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਰਾਜਾ ਅਤੇ ਬਾਦਲ ਆਪਣੀਆਂ ਅਣਗਿਣਤ ਕਮਜ਼ੋਰੀਆਂ ਅਤੇ ਲਾਲਸਾਵਾਂ ਕਾਰਨ ਓਵੇਂ ਹੀ ਮੋਦੀ ਦੇ ਇਸ਼ਾਰੇ ‘ਤੇ ਨੱਚਦੇ ਹਨ, ਜਿਵੇਂ ਮੋਦੀ ਅੰਬਾਨੀਆਂ ਅਤੇ ਅੰਡਾਨੀਆਂ ਦੀ ਕਠਪੁਤਲੀ ਬਣਿਆ ਹੋਇਆ ਹੈ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ, ਬਾਦਲ ਅਤੇ ਮੋਦੀ ਤਿੰਨੋਂ ਹੀ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਬਾਦਲਾਂ ਨੇ ਕੇਂਦਰ ਦੀ ਸਰਕਾਰ ‘ਚ ਬੈਠ ਕੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜਦਕਿ ਪੰਜਾਬ ਨੇ ਦੇਸ਼ ਲਈ ਮੁਗਲਾਂ-ਅੰਗਰੇਜਾਂ ਤੋਂ ਲੈ ਕੇ ਭੁੱਖਮਰੀ ਵਿਰੁੱਧ ਡਟ ਕੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਮੋਦੀ ਸਰਕਾਰ ਦੇ ਤਾਬੂਤ ‘ਚ ਆਖ਼ਰੀ ਕਿੱਲ ਸਾਬਤ ਹੋਣਗੇ।
ਦਿੱਲੀ ਦੇ ਖੇਤੀ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ‘ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜ਼ਿੱਦ ਫੜੀ ਹੋਈ ਹੈ ਕਿ ਦੇਸ਼ ਅਤੇ ਕਿਸਾਨ ਨੂੰ ਬਰਬਾਦ ਕਰਨਾ ਹੈ, ਦੂਸਰੇ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ, ਦੇਸ਼ ਅਤੇ ਕਿਸਾਨ ਨੂੰ ਬਚਾਉਣ ਦੀ ਜ਼ਿੱਦ ਫੜੀ ਹੋਈ ਹੈ।
ਇਸ ਮੌਕੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਲੋਕਤੰਤਰ ਦਾ ਗਲ਼ਾ ਘੁੱਟ ਕੇ ਤਾਨਾਸ਼ਾਹੀ ਤਰੀਕੇ ਨਾਲ ਪਾਸ ਕੀਤੇ ਹਨ, ਜੋ ਬਿਲਕੁਲ ਨਾ ਮਨਜ਼ੂਰ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਪ੍ਰਿੰਸੀਪਲ ਬੁੱਧ ਰਾਮ, ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਜੈ ਸਿੰਘ ਰੋੜੀ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਦਿੱਲੀ ਦੇ ਸਮੂਹ ਵਿਧਾਇਕ ਅਤੇ ਕੈਬਨਿਟ ਮੰਤਰੀ ਰਾਜਿੰਦਰ ਪਾਲ ਗੌਤਮ ਨੇ ਸੰਬੋਧਨ ਕੀਤਾ, ਜਦਕਿ ਮੰਚ ਦਾ ਸੰਚਾਲਨ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੀਤਾ।