ਖਰੜ ‘ਚ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

Global Team
2 Min Read

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਨੂੰ ਲੈ ਕੇ ਬੀਤੇ ਦਿਨ ਪੰਜਾਬ ਪੁਲਿਸ ਨੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਸੀ ਕਿ ਪਹਿਲੀ ਇੰਟਰਵਿਊ ਸੀਆਈਏ ਖਰੜ ਵਿੱਚ ਹੋਈ ਸੀ। ਇਸ ਦਾ ਖ਼ੁਲਾਸਾ ਹੋਣ ਮਗਰੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਸਭ ਤਾਂ ਉਨ੍ਹਾਂ ਨੇ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ, ਪਰ ਪੰਜਾਬ ਦੇ ਡੀਜੀਪੀ ਅਦਾਲਤ ਵਿੱਚ ਇਹ ਇੰਟਰਵਿਊ ਪੰਜਾਬ ਤੋਂ ਬਾਹਰ ਹੋਣ ਦਾ ਦਾਅਵਾ ਕਰ ਰਹੇ ਸਨ। ਹੁਣ ਜਦੋਂ ਅਦਾਲਤ ਵਿੱਚ ਇਸ ਦਾ ਖ਼ੁਲਾਸਾ ਹੋ ਗਿਆ ਹੈ ਤਾਂ ਡੀਜੀਪੀ ਇਸ ਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਇਹ ਖ਼ੁਲਾਸਾ ਹੋਣ ਮਗਰੋਂ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਪੁਲੀਸ ਹਿਰਾਸਤ ਦੌਰਾਨ ਦਿੱਤੀਆਂ ਗਈਆਂ ਇੰਟਰਵਿਊਜ਼ ਨੂੰ ‘ਮੁਜਰਮਾਂ ਨੂੰ ਵਡਿਆਏ ਜਾਣ’ ਦਾ ਮਾਮਲਾ ਕਰਾਰ ਦਿੰਦਿਆਂ ਇਸ ਸਬੰਧੀ ਭਾਰੀ ਫ਼ਿਕਰਮੰਦੀ ਜਤਾਏ ਜਾਣ ਤੋਂ ਪੂਰੇ ਨੌਂ ਮਹੀਨਿਆਂ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਖ਼ੁਲਾਸਾ ਕੀਤਾ ਹੈ ਕਿ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਖਰੜ ਵਿੱਚ ਸੀਆਈਏ ਦਫ਼ਤਰ ਤੇ ਦੂਜੀ ਰਾਜਸਥਾਨ ਵਿੱਚ ਹੋਈ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਪੁਲਿਸ ਥਾਣੇ ਵਿਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜ਼ਿੰਮੇਵਾਰੀ ਓਟਣ ਅਤੇ ਉਹਨਾਂ ਨੇ ਇੰਟਵਿਊ ਕਰਵਾਉਣ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਸੀ ਪਰ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੌਂਪੀ ਰਿਪੋਰਟ ਵਿਚ ਸਪਸ਼ਟ ਹੋ ਗਿਆ ਹੈ ਕਿ ਇੰਟਰਵਿਊ ਖਰੜ ਪੁਲਿਸ ਥਾਣੇ ਵਿਚ ਹੋਈ ਹੈ।

Share This Article
Leave a Comment