ਜਲੰਧਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਂਲ ਪੇਂਡੂ ਵਿਕਾਸ ਪ੍ਰੋਜੈਕਟਾਂ, ਖਾਸ ਕਰਕੇ 15ਵੇਂ ਵਿੱਤ ਕਮਿਸ਼ਨ, ਮਗਨਰੇਗਾ ਤਹਿਤ ਫੰਡਾਂ ਦੀ ਵਰਤੋਂ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਜਾਰੀ ਗਰਾਂਟਾਂ ਦੀ ਵਰਤੋਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਵਲੋਂ ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਥਾਪਰ ਮਾਡਲ ਦੀ ਤਰਜ ’ਤੇ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਤਹਿਤ ਛੱਪੜਾਂ ਦੇ ਪਾਣੀ ਨੂੰ ਖੇਤੀਬਾੜੀ ਲਈ ਵਰਤਿਆ ਜਾਵੇਗਾ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ ਸਗੋਂ ਪਿੰਡਾਂ ਨੂੰ ਸਾਫ ਸੁਥਰਾ ਰੱਖਣ ਵਿੱਚ ਵੀ ਮਦਦ ਮਿਲੇਗੀ ।
ਉਨ੍ਹਾਂ ਵਲੋਂ ਪਿੰਡਾਂ ਵਿੱਚ ਨਵੇਂ ਕਮਿਊਨਟੀ ਹਾਲਾਂ ਨੂੰ ਉਸਾਰਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਕਿਉਂਕਿ ਇਸ ਨਾਲ ਲੋਕਾਂ ਨੂੰ ਆਪਣੇ ਸਮਾਜਿਕ ਪ੍ਰੋਗਰਾਮ ਕਰਨ ਲਈ ਢੁੱਕਵੀਆਂ ਥਾਵਾਂ ਮਿਲ ਸਕਣਗੀਆਂ। ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਨਵੀਆਂ ਤਜਵੀਜ਼ਾਂ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ-ਆਪਣੇ ਹਲਕੇ ਨਾਲ ਸਬੰਧਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਨਵੀਆਂ ਤਜਵੀਜ਼ਾਂ ਸੌਂਪਣ ਲਈ ਵੀ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਲਖਵਿੰਦਰ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।