ਮਨਪ੍ਰੀਤ ਬਾਦਲ ਵਿਰੁਧ ਲੁੱਕ ਆਊਟ ਨੋਟਿਸ ਜਾਰੀ, ਵਿਦੇਸ਼ ਭੱਜਣ ਦਾ ਸੀ ਸ਼ੱਕ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ। ਮਨਪ੍ਰੀਤ ਬਾਦਲ ਨੇ ਅਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਾਪਿਸ ਲੈ ਲਈ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।ਵਿਜੀਲੈਂਸ ਦੀਆਂ ਟੀਮਾਂ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।   ਵਿਜੀਲੈਂਸ ਨੇ ਸਾਰੇ ਹਵਾਈ ਅੱਡਿਆਂ ‘ਤੇ ਮਨਪ੍ਰੀਤ ਬਾਦਲ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ।

ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਵਿਰੁਧ ਜ਼ਮੀਨ ਅਲਾਟਮੈਂਟ ਮਾਮਲੇ ਵਿਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਬਠਿੰਡਾ ਮਾਡਲ ਟਾਊਨ ਫੇਜ਼-1 ਨੇੜੇ ਟੀਵੀ ਟਾਵਰ ਵਿਖੇ 1560 ਵਰਗ ਗਜ਼ ਦੇ ਦੋ ਪਲਾਟਾਂ ਦੀ ਖਰੀਦ ਨਾਲ ਜੁੜਿਆ ਹੋਇਆ ਹੈ। ਮਨਪ੍ਰੀਤ ਬਾਦਲ ’ਤੇ ਦੋਸ਼ ਹੈ ਕਿ ਉਨ੍ਹਾਂ 2018 ਤੋਂ 2021 ਤੱਕ ਸੂਬਾ ਸਰਕਾਰ ’ਚ ਵਿੱਤ ਮੰਤਰੀ ਰਹਿੰਦਿਆਂ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਪਲਾਟ ਖਰੀਦੇ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 65 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ। ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ।

ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਕਿਸੇ ਸਮੇਂ ਹੋ ਸਕਦੀ ਹੈ। ਵਿਜੀਲੈਂਸ ਵੱਲੋਂ ਕੇਸ ’ਚ ਨਾਮਜ਼ਦ ਵਿਅਕਤੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਕਰਨ ਲਈ ਕਾਰਵਾਈ ਜਾਰੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment